ਫ਼ਾਜ਼ਿਲਕਾ,17 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਅਰਪਿਤ ਗੁਪਤਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ 20 ਅਕਤੂਬਰ 2025 ਨੂੰ ਮਨਾਏ ਜਾ ਰਹੇ ਦੀਵਾਲੀ ਦੇ ਸ਼ੁੱਭ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ | ਇਸ ਦੇ ਨਾਲ ਹੀ ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਦੀਵਾਲੀ ਦੇ ਸ਼ੁੱਭ ਤਿਉਹਾਰ 'ਤੇ ਵਧਾਈ ਦਿੰਦੇ ਹੋਏ ਇਸ ਨੂੰ ਗਰੀਨ ਦੀਵਾਲੀ ਦੇ ਤੌਰ 'ਤੇ ਮਨਾਉਣ ਲਈ ਨਿਵੇਕਲੀ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਸੰਦੇਸ਼ ਵਿਚ 'ਗਰੀਨ ਦੀਵਾਲੀ' ਮਨਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ ਪਰ ਫਿਰ ਵੀ ਕੋਈ ਪਟਾਕੇ ਚਲਾਉਣ ਦੀ ਇੱਛਾ ਰੱਖਦਾ ਹੈ ਤਾਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਨਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਹੋ ਸਕੇ ਤਾਂ ਘਰਾਂ ' ਬਣੀਆਂ ਮਠਿਆਈਆਂ ਹੀ ਖਾਧੀਆਂ ਜਾਣ |