ਮਮਦੋਟ, 6 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਲੱਖੋ ਕੇ ਬਹਿਰਾਮ ਅਤੇ ਬਾਬਾ ਜੀਵਨ ਸਿੰਘ ਨਗਰ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਦੋਵਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਏ ਗਏ | ਜਿਸ ਦੌਰਾਨ ਪਾਲਕੀ ਸਾਹਿਬ ਵਿਚ ਸਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਿੱਛੇ ਪਿੱਛੇ ਸੰਗਤਾਂ ਪੈਦਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਪਿੰਡ ਦੇ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਥਾਨਾਂ 'ਤੇ ਦਰਸ਼ਨਾਂ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ | ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਕੇਲਿਆਂ ਅਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ ਸਨ | ਗੁਰਦੁਆਰਾ ਸਾਹਿਬ ਵਿਖੇ ਵੀ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |