ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾਣ ਵਾਲੇ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੀਚਾਰ ਚਰਚਾ ਕਰਨ ਲਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਨਗਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਮੁਹਤਬਰਾਂ ਨਾਲ ਇਕ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੇ ਪੱਧਰ 'ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਕੇ ਤਖਤ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ 'ਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਤੇ ਪ੍ਰਕਾਸ਼ ਦਿਹਾੜੇ ਮੌਕੇ ਆਪੋ ਆਪਣੇ ਘਰਾਂ ਤੇ ਦੀਪਮਾਲਾ ਕੀਤੀ ਜਾਵੇ | ਸਿੰਘ ਸਾਹਿਬ ਨੇ ਨਗਰ ਦੀਆਂ ਧਾਰਮਿਕ ਸੰਸਥਾਵਾਂ ਤੇ ਮੁਹਤਬਰਾਂ ਨੂੰ ਪ੍ਰਭਾਤ ਫੇਰੀਆਂ ਦੇ ਨਿਰਧਾਰਿਤ ਕੀਤੇ ਰੂਟ ਮੁਤਾਬਿਕ ਉਨ੍ਹਾਂ ਸਥਾਨਾਂ ਉੱਪਰ ਵੀ ਸੰਗਤਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਤੇ ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਪ੍ਰਭਾਤ ਫੇਰੀਆਂ ਦੇ ਰੂਟ ਅਤੇ ਘਰਾਂ ਚ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਵਿਚ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ, ਭਾਈ ਰਵਿੰਦਰ ਸਿੰਘ ਖ਼ਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ, ਤਖਤ ਸਾਹਿਬ ਦੇ ਮੁਲਾਜ਼ਮਾਂ ਦੇ ਨਾਲ ਨਾਲ ਭਾਈ ਅਵਤਾਰ ਸਿੰਘ ਖ਼ਾਲਸਾ, ਐਡਵੋਕੇਟ ਸਤਿੰਦਰ ਸਿੰਘ ਸਿੱਧੂ ਪ੍ਰਧਾਨ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ, ਅਕਾਲੀ ਦਲ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਹਰਮੋਹਿੰਦਰ ਸਿੰਘ, ਠਾਣਾ ਸਿੰਘ ਚੱਠਾ, ਜਸਵਿੰਦਰ ਸਿੰਘ ਸਿੱਧੂ, ਸੁਰਜੀਤ ਸਿੰਘ ਭੱਮ, ਤੇਜਾ ਸਿੰਘ ਮਲਕਾਣਾ, ਡਾ.ਗੁਰਮੇਲ ਸਿੰਘ ਘਈ ਆਦਿ ਮੌਜੂਦ ਸਨ |