ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)-ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੀ ਅਨਾਜ ਮੰਡੀ ਵਿਖੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿਤਾ ਤੇ ਪੰਥਕ ਆਗੂ ਜਥੇਦਾਰ ਦਰਸ਼ਨ ਸਿੰਘ ਨੇ ਰਸਮੀ ਤੌਰ 'ਤੇ ਪਹਿਲੀ ਬੋਲੀ ਲਗਵਾ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਪਿੰਡ ਦੀ ਸਰਪੰਚ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਬੀਬਾ ਜਸਵਿੰਦਰ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਜਾਣਕਾਰੀ ਅਨੁਸਾਰ ਅਨਾਜ ਮੰਡੀ 'ਚ ਝੋਨੇ ਦੀ ਇੱਕ ਢੇਰੀ ਦੀ ਬੋਲੀ ਲਗਵਾ ਕੇ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਜਥੇਦਾਰ ਦਰਸ਼ਨ ਸਿੰਘ ਜਗਾ ਰਾਮ ਤੀਰਥ ਨੇ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਤੇ ਆੜ੍ਹਤੀਆ ਆਦਿ ਨਾਲ ਗੱਲਬਾਤ ਕਰਦਿਆਂ ਕੀਤੇ ਗਏ ਪ੍ਰਬੰਧਾਂ ਬਾਬਤ ਜਾਣਕਾਰੀ ਹਾਸਿਲ ਕੀਤੀ | ਬਾਅਦ 'ਚ ਗੱਲਬਾਤ ਕਰਦਿਆਂ ਜਥੇਦਾਰ ਦਰਸ਼ਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਜਿੱਥੇ ਮੰਡੀਆਂ 'ਚ ਝੋਨੇ ਦੀ ਸੁਚਾਰੂ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਉੇੱਥੇ ਹਲਕਾ ਤਲਵੰਡੀ ਸਾਬੋ ਵਿਚ ਵੀ ਵਿਧਾਇਕਾ ਬਲਜਿੰਦਰ ਕੌਰ ਵਲੋਂ ਮੰਡੀ ਬੋਰਡ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਖ਼ਾਸ ਹਦਾਇਤ ਦਿੱਤੀ ਗਈ ਹੈ ਕਿ ਮੰਡੀਆਂ 'ਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਤੈਅ ਮਾਪਦੰਡਾਂ ਮੁਤਾਬਿਕ ਸੁੱਕਾ ਹੋਇਆ ਝੋਨਾ ਮੰਡੀਆਂ 'ਚ ਲਿਆਉਣ | ਉੱਧਰ ਪਿੰਡ ਦੀ ਸਰਪੰਚ ਬੀਬਾ ਜਸਵਿੰਦਰ ਕੌਰ ਨੇ ਦਾਅਵਾ ਕੀਤਾ ਕਿ ਹਲਕਾ ਵਿਧਾਇਕਾ ਦੇ ਨਿਰਦੇਸ਼ਾਂ ਮੁਤਾਬਿਕ ਮੰਡੀਆਂ ਚ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਨਿਰਮਲ ਸਿੰਘ ਕਾਲਾ, 'ਆਪ' ਬਲਾਕ ਪ੍ਰਧਾਨ ਗੁਰਾ ਸਿੰਘ ਪੰਚ, ਬਲਦੇਵ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਪੰਚਾਇਤੀ ਨੁਮਾਇੰਦੇ ਤੇ ਮੁਹਤਬਰ ਮੌਜੂਦ ਸਨ |