ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਮਜ਼ਦੂਰ ਵਰਗ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਮੂਹਰੇ ਚੇਤਾਵਨੀ ਰੈਲੀ ਕੀਤੀ ਗਈ ਅਤੇ ਰੋਹ 'ਚ ਆਏ ਮਜ਼ਦੂਰਾਂ ਵਲੋਂ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਗਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਸ਼ਾਸਨ ਦੇ ਮਜ਼ਦੂਰ ਵਿਰੋਧੀ ਰਵੱਈਏ ਦੇ ਚੱਲਦਿਆਂ ਮਜ਼ਦੂਰ ਮੋਰਚੇ ਨੇ ਨਵੰਬਰ ਦੇ ਦੂਜੇ ਹਫ਼ਤੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ | ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੁਖਪਾਲ ਸਿੰਘ ਖਿਆਲੀਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਨਦੀਪ ਸਿੰਘ ਸਿਵੀਆਂ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਅਮੀ ਲਾਲ ਬਲਾਹੜ ਮਹਿਮਾ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਆਗੂ ਨਛੱਤਰ ਸਿੰਘ ਰਾਮਨਗਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਵਿਚ ਫ਼ੇਲ੍ਹ ਪੂਰੀ ਤਰ੍ਹਾਂ ਹੋਈ ਹੈ ਤੇ ਮਜ਼ਦੂਰ ਵਰਗ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਦੇ ਬੰਦ ਪਏ ਕੰਮ ਨੂੰ ਚਾਲੂ ਕੀਤਾ ਜਾਵੇ, ਬਾਰਿਸ਼ ਕਾਰਨ ਡਿੱਗੇ ਅਤੇ ਡਿੱਗਣ ਵਾਲੇ ਘਰਾਂ ਦਾ ਮੁਆਵਜ਼ਾ ਦਿੱਤਾ ਜਾਵੇ, ਔਰਤਾਂ ਨੂੰ 1100-1100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ, ਬੁਢਾਪਾ ਵਿਧਵਾ, ਆਸਰਿਤ ਪੈਨਸ਼ਨ ਪੰਜ ਹਜ਼ਾਰ ਦਿੱਤਾ ਜਾਵੇ, ਸਰਕਾਰੀ, ਅਰਧ ਸਰਕਾਰੀ ਅਤੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਦਿੱਤੇ ਜਾਣ ਅਤੇ ਲੋੜਵੰਦ ਪਰਿਵਾਰਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ | ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਉਕਤ ਮੰਗਾਂ 15 ਨਵੰਬਰ ਤੱਕ ਹੱਲ ਨਾ ਕੀਤਾ ਗਿਆ ਤਾਂ ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ 17 ਨਵੰਬਰ ਤੋਂ ਡੀ.ਸੀ. ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਇਆ ਜਾਵੇਗਾ¢ ਉਨਾਂ ਕਿਹਾ ਕਿ ਪੱਕੇ ਮੋਰਚੇ ਦੀ ਤਿਆਰੀ ਸੰਬੰਧੀ ਬਠਿੰਡੇ ਦੇ 8 ਬਲਾਕਾਂ ਦੇ 50 ਤੋਂ ਵੱਧ ਪਿੰਡਾਂ ਵਿਚ ਝੰਡਾ ਮਾਰਚ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਆਗੂਆਂ ਨੇ ਮਜ਼ਦੂਰ ਵਰਗ ਨੂੰ ਅਪੀਲ ਕੀਤੀ ਕਿ ਉਕਤ ਮੰਗਾਂ ਦੇ ਪੱਕੇ ਹੱਲ ਲਈ ਸਾਂਝੇ ਮੋਰਚੇ ਦੇ ਝੰਡੇ ਹੇਠਾਂ ਇਕੱਤਰ ਹੋਣ ਅਤੇ ਪੱਕੇ ਮੋਰਚੇ ਨੂੰ ਕਾਮਯਾਬ ਕੀਤਾ ਜਾਵੇ |
ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਚਿਤਾਵਨੀ ਰੈਲੀ
ਅਜੀਤ ਡੈਸਕ
24-10-2025