ਬਠਿੰਡਾ, 23 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਦੋ ਨਵੰਬਰ ਨੂੰ ਤਰਨਤਾਰਨ ਵਿਖੇ ਕੀਤੇ ਜਾ ਰਹੇ ਮਾਰਚ ਵਿਚ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੂਬਾ ਪੱਧਰੀ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ, ਜਿਸ ਸੰਬੰਧੀ ਫ਼ੈਸਲਾ ਸੂਬਾ ਪ੍ਰਧਾਨ ਦਿਗਵਿਜੈ ਸਿੰਘ ਦੀ ਅਗਵਾਈ ਵਿਚ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਲਿਆ ਗਿਆ | ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸੱਤਾ ਦੇ ਲਗਭਗ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਬਾਅਦ ਮੁਲਾਜ਼ਮਾਂ ਦੀ ਹੱਕੀ ਮੰਗ ਲਾਗੂ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ, ਜਿਸ ਕਰਕੇ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪੂਰੇ ਪੰਜਾਬ ਵਿਚੋਂ ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਦੇ ਕਾਰਕੁਨ ਵੱਡੀ ਪੱਧਰ 'ਤੇ ਤਰਨ ਤਾਰਨ ਵਿਖੇ ਮਾਰਚ ਵਿਚ ਸ਼ਾਮਲ ਹੋਣਗੇ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਵਲੋਂ ਪਹਿਲੀ ਵਾਰ ਮੁਲਾਜ਼ਮ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਦੀਵਾਲੀ ਮੌਕੇ ਖਾਲੀ ਖੀਸਾ ਦਿਖਾਇਆ ਗਿਆ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੁਝ ਨਹੀਂ ਕੀਤਾ ਜਦਕਿ ਅਧਿਆਪਕ ਜਥੇਬੰਦੀ ਨੇ 31 ਲੱਖ ਰੁਪਏ ਇਕੱਠੇ ਕਰਕੇ ਦਿੱਤੇ ਹਨ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀ ਬੋਰਡ ਦੀ ਫ਼ੀਸ ਸਮੇਤ ਸਮੁੱਚੀ ਫ਼ੀਸ ਮੁਆਫ਼ ਕੀਤੀ ਜਾਵੇ | ਬਲਾਕ ਪ੍ਰਧਾਨ ਭੋਲਾ ਤਲਵੰਡੀ, ਭੁਪਿੰਦਰ ਸਿੰਘ ਮਾਈਸਰ ਖਾਨਾ, ਰਾਜਵਿੰਦਰ ਸਿੰਘ ਜਲਾਲ, ਬਲਕਰਨ ਸਿੰਘ ਕੋਟਸ਼ਮੀਰ, ਆਸ਼ਵਨੀ ਡੱਬਵਾਲੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਈਟੀਟੀ, ਮਾਸਟਰ ਕਾਡਰ, ਲੈਕਚਰਾਰ, ਪਿ੍ੰਸੀਪਲ ਅਤੇ ਹੋਰ ਕਾਡਰਾਂ ਦੀਆਂ ਅਸਾਮੀਆਂ ਉਪਰ ਜਲਦ ਤੋਂ ਜਲਦ ਤਰੱਕੀ ਕੀਤੀ ਜਾਵੇ |