12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭੱਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ <br/>

ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ | ਤਸਵੀਰ: ਲਵਲੀ<br/> 05-11-2025

ਬਠਿੰਡਾ, 4 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਕਿਯੂ ਡਕੌਂਦਾ (ਧਨੇਰ) ਦੇ ਸੂਬਾ ਉੱਪ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਭਾਕਿਯੂ ਮਾਲਵਾ ਹੀਰਕੇ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ, ਭਾਕਿਯੂ ਮਾਨਸਾ ਦੇ ਆਗੂ ਰੇਸ਼ਮ ਸਿੰਘ ਜੀਦਾ ਅਤੇ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਉੱਪਰ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਦੱਸਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 8 ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਹੋਰ ਤਿੱਖਾ ਕਰੇਗਾ | ਮੋਰਚੇ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਅਤੇ ਦਰਿਆਵਾਂ ਦੇ ਨਾਲ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਬੇਮÏਸਮੀ ਬਰਸਾਤ ਕਾਰਨ ਪੰਜਾਬ ਵਿਚ ਝੋਨੇ ਦਾ ਝਾੜ ਘਟਣ ਕਾਰਨ ਅਤੇ ਕਈ ਥਾਵਾਂ ਉਪਰ ਹਲਦੀ ਰੋਗ ਤੇ ਚੀਨੀ ਵਾਇਰਸ ਕਾਰਨ ਝੋਨੇ ਦੀ ਫ਼ਸਲ ਵਾਹੁਣੀ ਪਈ ਹੈ, ਜਿਸ ਕਾਰਨ ਪੀੜਤ ਕਿਸਾਨਾਂ ਨੂੰ ਝਾੜ ਘਟਣ ਦਾ 500 ਰੁਪਏ ਪ੍ਰਤੀ ਕੁਇੰਟਲ ਬੋਨਸ ਅਤੇ ਫ਼ਸਲ ਵਾਹੁਣ ਵਾਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਝੋਨੇ ਦੀ ਪਰਾਲ਼ੀ ਸਾੜਨ ਦੇ ਮਾਮਲੇ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸਰਕਾਰ ਵਲੋਂ ਨਾ ਤਾਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਨਾ ਹੀ ਪਰਾਲੀ ਦਾ ਪ੍ਰਬੰਧ ਕਰਨ ਲਈ ਕੋਈ ਨਕਦ ਸਹਾਇਤਾ ਦਿੱਤੀ ਗਈ ਹੈ | ਜਿਸ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬੰਦ ਕੀਤੀਆਂ ਜਾਣ, ਡੀ.ਏ.ਪੀ. ਦੀ ਸਪਲਾਈ ਯਕੀਨੀ ਬਣਾਈ ਜਾਵੇ | ਇਸ ਮੌਕੇ ਹਰਜਿੰਦਰ ਸਿੰਘ ਬੱਗੀ, ਹਰਿੰਦਰ ਕੌਰ ਬਿੰਦੂ, ਜਸਵੀਰ ਸਿੰਘ ਆਕਲੀਆ, ਜਗਸੀਰ ਸਿੰਘ ਝੁੰਬਾ ਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਪੁਲਿਸ ਸਾਂਝ ਕੇਂਦਰ ਰਾਮਾਂ ਨੂੰ ਰਿਫਾਇਨਰੀ ਗੇਟ 'ਤੇ ਲੈ ਕੇ ਜਾਣ ਦੀ ਨਿੰਦਾ <br/> ਅਗਲੀ ਖ਼ਬਰ ਗੱਠਾਂ ਬਣਾਉਣ ਲਈ ਬੇਲਰ ਮਸ਼ੀਨਾਂ ਨਾ ਮਿਲਣ ਕਰਕੇ ਡਾਢੇ੍ਹ ਪ੍ਰੇਸ਼ਾਨ ਨੇ ਪਿੰਡਾਂ ਦੇ ਕਿਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।