ਨਥਾਣਾ, 25 ਨਵੰਬਰ (ਗੁਰਦਰਸ਼ਨ ਲੁੱਧੜ)-ਸਿੱਖੀ ਸਰੋਕਾਰਾਂ ਪ੍ਰਤੀ ਰੁਚੀ ਰੱਖਣ ਵਾਲੇ ਟਿੱਪਣੀ ਕਾਰ ਸੇਵਾਮੁਕਤ ਐਕਸੀਅਨ ਟੇਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਰੱਖੇ ਗਏ ਪੰਜਾਬ ਵਿਧਾਨ ਸਭਾ ਤੇ ਇਜਲਾਸ ਦੀ ਸ਼ਲਾਘਾ ਕਰਨੀ ਬਣਦੀ ਹੈ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਹੋਰਨਾਂ ਮੰਗਾਂ ਪ੍ਰਤੀ ਵੀ ਪੰਜਾਬ ਸਰਕਾਰ ਵਲੋਂ ਤਤਪਰ ਹੋਣ ਦਾ ਦਾਅਵਾ ਕੀਤਾ ਗਿਆ, ਪਰ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਰਾਜਸੀ ਪੱਧਰ 'ਤੇ ਤਾਕਤਵਰ ਕਰਨ ਵਾਲੇ ਆਨੰਦਪੁਰ ਸਾਹਿਬ ਦੇ ਮਤੇ ਵਾਰੇ ਚੁੱਪ ਧਾਰੀ ਰੱਖੀ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਰਾਜਸੀ ਪੱਧਰ 'ਤੇ ਤਾਕਤਵਰ ਨਹੀਂ ਹੋਵੇਗਾ ਤਾਂ ਪੰਜਾਬ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਅਕਸਰ ਹੀ ਅਸਮਰੱਥ ਸਾਬਤ ਹੋਵੇਗੀ, ਜਿਸ ਕਰਕੇ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਰੱਖੇ ਗਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਧਰਮ ਯੁੱਧ ਮੋਰਚੇ ਦੀ ਮੁੱਖ ਮੰਗ ਵਜੋਂ ਚਰਚਿਤ ਰਹੇ ਆਨੰਦਪੁਰ ਦੇ ਮਤੇ ਦੀ ਪ੍ਰੋੜਤਾ ਕਰਨੀ ਬਣਦੀ ਸੀ |