10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਾਮਲਾ 328 ਪਾਵਨ ਸਰੂਪਾਂ ਦਾ ਸਰਕਾਰ ਵਲੋਂ ਕੀਤੇ 'ਸਿੱਟ' ਦੇ ਗਠਨ 'ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਠਾਏ ਸਵਾਲ <br/>

ਅਜੀਤ ਡੈਸਕ 25-12-2025
ਤਲਵੰਡੀ ਸਾਬੋ, 24 ਦਸੰਬਰ (ਰਣਜੀਤ ਸਿੰਘ ਰਾਜੂ)- ਪਿਛਲੇ ਸਮਿਆਂ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗ਼ਾਇਬ ਹੋਣ ਦੇ ਮਾਮਲੇ 'ਚ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱੁਝ ਅਧਿਕਾਰੀਆਂ ਖ਼ਿਲਾਫ ਦਰਜ ਕਰਵਾਏ ਮਾਮਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਅਗਲੇਰੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ 'ਸਿੱਟ' ਦਾ ਗਠਨ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰਾਂ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਵਾਲ ਖੜੇ੍ਹ ਕੀਤੇ ਹਨ ਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ | ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤਿ੍ਗ ਮੈਂਬਰਾਂ ਗੁਰਪ੍ਰੀਤ ਸਿੰਘ ਝੱਬਰ ਤੇ ਭਾਈ ਮੇਜਰ ਸਿੰਘ ਢਿੱਲੋਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਐੱਫ.ਆਈ.ਆਰ ਉੱਪਰ ਸਵਾਲ ਚੁੱਕਦੇ ਹੋਏ ਕਿਹਾ ਕਿ ਜਦੋਂ ਪਹਿਲਾਂ ਹੀ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੰਭੀਰਤਾ ਨਾਲ ਜਾਂਚ ਕਰਵਾਉਣ ਤੋਂ ਬਾਅਦ ਦੋਸ਼ੀ ਮੁਲਾਜ਼ਮਾਂ ਦੇ ਖ਼ਿਲਾਫ ਬਣਦੀ ਕਾਰਵਾਈ ਕਰ ਦਿੱਤੀ ਗਈ ਸੀ ਫਿਰ ਅਜਿਹੀ ਕਾਰਵਾਈ ਦਾ ਕੋਈ ਮਤਲਬ ਹੀ ਨਹੀ ਰਹਿ ਜਾਂਦਾ | ਅੰਤਿ੍ਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਨੁਸਾਰ ਸਰਕਾਰੀ ਏਜੰਸੀਆਂ ਦੇ ਹੀ ਕੁੱਝ ਬੰਦਿਆਂ ਤੋਂ ਪ੍ਰਦਰਸ਼ਨ ਕਰਵਾਏ ਗਏ ਤੇ ਉਨ੍ਹਾਂ ਦੀ ਮੰਗ ਦੇ ਆਧਾਰ 'ਤੇ ਇਹ ਮਾਮਲੇ ਦਰਜ ਕੀਤੇ ਗਏ ਹਨ ਜੋ ਅਤਿ ਮੰਦਭਾਗਾ ਵਰਤਾਰਾ ਹੈ ਜਦੋਂਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਤੋਂ ਗੁਰੇਜ਼ ਕਰਦੀ ਹੈ | ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਕਾਰ ਵਲੋਂ 'ਸਿੱਟ' ਦੇ ਗਠਨ ਨੂੰ ਵੀ ਬੇਮਾਇਆਨਾ ਦੱਸਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਜੋ ਵੀ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਆਵੇਗਾ ਉਸ ਤੇ ਫੁੱਲ ਚੜਾਏ ਜਾਣਗੇ |
ਉੱਧਰ ਇਸ ਮੌਕੇ ਮੌਜੂਦ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸਰਕਾਰ ਦੀ ਕਾਰਵਾਈ ਨੂੰ ਸਿੱਖ ਸੰਸਥਾਵਾਂ 'ਚ ਦਖ਼ਲ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਰਕਾਰ ਅਜਿਹੀਆਂ ਕਾਰਵਾਈਆਂ ਤੇ ਤੁਰੰਤ ਰੋਕ ਲਾਵੇ | ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਬਾਬਾ ਬੂਟਾ ਸਿੰਘ, ਬੀਬੀ ਜੋਗਿੰਦਰ ਕੌਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਗੁਰਮੀਤ ਸਿੰਘ ਤਿ੍ਲੋਕੇਵਾਲਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਪ੍ਰੀਤਮ ਸਿੰਘ ਮੱਲੜੀ ਵਾਲੇ, ਗੁ: ਬੁੰਗਾ ਮਸਤੂਆਣਾ ਦੇ ਬਾਬਾ ਅਵਤਾਰ ਸਿੰਘ ਤੇ ਭਾਈ ਚਤਰ ਸਿੰਘ, ਉਦਾਸੀਨ ਸੰਪਰਦਾ ਦੇ ਬਾਬਾ ਅਨੂਪ ਸਿੰਘ, ਭਾਈ ਗੁਰਜੰਟ ਸਿੰਘ ਰੋੜੀ ਆਦਿ ਹਾਜ਼ਰ ਆਏ |

ਪਿਛਲੀ ਖ਼ਬਰ ਬੀ. ਕਾਮ ਭਾਗ-ਪਹਿਲਾ ਦੇ ਨਤੀਜਿਆਂ 'ਚ ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਦੀ ਚੜ੍ਹਤ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ, ਸੁਸ਼ਾਂਤ ਸਿਟੀ-2 ਵਿਖੇ 'ਜੂਨੀਅਰ ਸਪੋਰਟਸ ਫਿਏਸਟਾ' ਦਾ ਸਫਲ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।