ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਪਿ੍ੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਗਰਮੀ ਦੀ ਛੁੱਟੀਆਂ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਲਈ ਭੇਜਿਆ ਗਿਆ | ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਵਿਚ ਹਰ ਸਾਲ ਜੂਨ ਮਹੀਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਆਮਦ ਵਿਚ ਬਹੁਤ ਵਾਧਾ ਹੁੰਦਾ ਹੈ, ਜਿਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਲੋਂ ਇਕ ਨਿਵੇਕਲੀ ਸੇਵਾ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ ਅਧਿਆਪਕਾਂ ਵਲੋਂ ਬੜੀ ਸੇਵਾ ਭਾਵਨਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਚ ਸੰਗਤ ਦੀ ਸੇਵਾ ਕੀਤੀ ਜਾ ਰਹੀ ਹੈ | ਇਸੇ ਤਹਿਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਲੋਂ ਦਰਬਾਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ | ਸੇਵਾ ਦੌਰਾਨ ਵਲੰਟੀਅਰਾਂ ਵਲੋਂ ਸੰਗਤ ਲਈ ਜਲ ਦੀ ਸੇਵਾ ਕੀਤੀ ਗਈ ਅਤੇ ਨਾਲ ਹੀ ਤਖ਼ਤੀਆਂ ਰਾਹੀਂ ਸੰਗਤ ਨੂੰ ਗੁਰਦੁਆਰੇ ਦੀ ਮਰਿਆਦਾ ਅਨੁਸਾਰ ਸੁਚੇਤ ਕੀਤਾ ਗਿਆ | ਇਹ ਸੇਵਾ ਦੋ ਹਿੱਸਿਆਂ ਵਿਚ ਦੋ ਟੀਮਾਂ ਦੀ ਵੰਡ ਕਰਕੇ ਨਿਭਾਈਆਂ ਜਾ ਰਹੀਆਂ ਹਨ | ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ ਅਧਿਆਪਕਾਂ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਨ ਦੇਹੀ ਨਾਲ ਆਪਣੀ ਸੇਵਾ ਨਿਭਾਈ | ਪਿ੍ੰਸੀਪਲ ਮੈਡਮ ਗੁਰਿੰਦਰ ਕੌਰ ਨੇ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਜੀ ਦੀ ਸੇਵਾ ਕਰਨ ਲਈ ਹਰ ਸਮੇਂ ਤਿਆਰ ਰਹਿਣ ਅਤੇ ਅਗਲੇ ਸਾਲ ਵੀ ਵੱਧ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਗੈਰ ਅਧਿਆਪਕਾਂ ਨੂੰ ਸੇਵਾ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ |