ਰਾੜਾ ਸਾਹਿਬ, 17 ਅਕਤੂਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਪੈਰ ਪੈਰ 'ਤੇ ਸ਼ਰੇਆਮ ਧੋਖਾ ਕੀਤਾ ਹੈ | 2022 'ਚ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁਲਾਜ਼ਮ ਸਬਕ ਸਿਖਾਉਣਗੇ | ਇਹ ਪ੍ਰਗਟਾਵਾ ਬੀ. ਐੱਡ. ਅਧਿਆਪਕ ਫ਼ਰੰਟ ਦੇ ਸੂਬਾ ਵਿੱਤ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਨੇ ਸਾਂਝੇ ਤੌਰ ਤੇ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਦਾ ਨਿਪਟਾਰਾ ਤਾਂ ਕੀ ਕਰਨਾ ਹੈ ਸਗੋਂ ਮੁਲਾਜ਼ਮਾਂ ਦੇ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਭੁਗਤਾਨ ਵੀ ਅਜੇ ਤੱਕ ਦੱਬੀ ਬੈਠੀ ਹੈ | ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਇਦ ਇਹ ਭੁੱਲੀ ਬੈਠੀ ਹੈ ਕਿ ਜੇਕਰ ਪੰਜਾਬ ਦੇ ਮੁਲਾਜ਼ਮ ਤੁਹਾਡੇ ਝੂਠੇ ਲਾਰਿਆਂ ਵਿਚ ਆ ਕੇ ਜੇਕਰ ਅਖੌਤੀ ਬਦਲਾਅ ਲਿਆਉਣ ਲਈ ਤਖ਼ਤਾ ਪਲਟ ਸਕਦੇ ਹਨ ਤਾਂ 2027 ਦੀਆਂ ਚੋਣਾਂ ਵਿਚ ਆਪਣੇ ਨਾਲ਼ ਹੋ ਰਹੇ ਧੱਕੇ ਦਾ ਮੂੰਹ ਤੋੜਵਾਂ ਜਵਾਬ ਵੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮਾਂ ਨੂੰ ਡੀ. ਏ. ਨਾ ਦਿੱਤਾ ਤਾਂ ਆਉਣ ਵਾਲੀ 2 ਨਵੰਬਰ ਨੂੰ ਤਰਨਤਾਰਨ ਵਿਖੇ ਵਿਸ਼ਾਲ ਝੰਡਾ ਮਾਰਚ ਕੀਤਾ ਜਾਵੇਗਾ |