ਮਲੇਰਕੋਟਲਾ, 19 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਦੇ ਅੰਦਰੋਂ ਨਸ਼ੇ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਦੇ ਲਈ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਗੰਭੀਰ ਹੋ ਕੇ ਸਾਰਥਿਕ ਕਦਮ ਪੁੱਟੇ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਤੇ ਸਿਗਨੇਚਰ ਦੇ ਨਾਮ ਨਾਲ ਵੀ ਜਾਣੇ ਜਾਂਦੇ ਕੈਪਸੂਲ ਨੂੰ ਲੋਕਾਂ ਵਲੋਂ ਨਸ਼ੇ ਦੇ ਤੌਰ 'ਤੇ ਵਰਤਿਆ ਜਾ ਰਿਹਾ ਹੈ | ਜ਼ਿਲ੍ਹਾ ਮਲੇਰਕੋਟਲਾ 'ਚ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੌਰ 'ਤੇ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ, ਮਲੇਰਕੋਟਲਾ ਵਿਰਾਜ ਐਸ. ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ 2023 (ਬੀ.ਐਨ.ਐੱਸ.ਐੱਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਬਿਨਾਂ ਡਾਕਟਰੀ ਪਰਚੀ ਤੋਂ ਵੇਚਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪਰਚੀ 'ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ |