ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਨੇ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਉਸ ਨਾਲ ਜੁੜੇ ਵਿਭਾਗਾਂ ਦੀ ਅਹਿਮ ਬੈਠਕ ਕੀਤੀ | ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਉਦਯੋਗ ਜਗਤ ਨੂੰ ਹੁਲਾਰਾ ਦੇਣ ਲਈ ਸਥਾਪਿਤ http://www.fasttrack.punjab.gov.in/ ਸਿੰਗਲ ਵਿੰਡੋ 'ਤੇ ਪ੍ਰਾਪਤ ਅਰਜ਼ੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਪੋਰਟਲ ਉਦਯੋਗਿਕ ਸਬੰਧੀ ਮਨਜ਼ੂਰੀਆਂ ਦੇਣ ਲਈ ਵਿਸ਼ੇਸ਼ ਤੌਰ 'ਤੇ ਬਣਾਇਆ ਗਿਆ ਹੈ ਜਿਸ ਵਿਚ ਕਿਸੇ ਵੀ ਉਦਯੋਗਪਤੀ ਵਲੋਂ ਬਿਨੈ-ਪੱਤਰ ਦਾਖ਼ਲ ਕਰਨ ਤੋਂ 45 ਦਿਨਾਂ ਦੇ ਅੰਦਰ-ਅੰਦਰ ਸਬੰਧਿਤ ਮਨਜ਼ੂਰੀਆਂ ਦੇ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮਨਜ਼ੂਰੀਆਂ ਨਾਲ ਸਬੰਧਿਤ ਅਦਾਰੇ ਜੇਕਰ ਕਿਸੇ ਵੀ ਬਿਨੈ-ਪੱਤਰ ਦਾ ਨਿਪਟਾਰਾ ਸਮੇਂ ਰਹਿੰਦੇ ਨਹੀਂ ਕਰਦੇ ਤਾਂ ਪੋਰਟਲ ਤੋਂ 45 ਦਿਨਾਂ ਬਾਅਦ ਆਪਣੇ ਆਪ ਡੀਮਡ ਪ੍ਰਵਾਨਗੀ ਦੇ ਕੇ ਮਨਜ਼ੂਰੀ ਦੇ ਦਿੱਤੀ ਜਾਵੇਗੀ | ਨਾਲ ਹੀ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਜਿਹੜੇ ਵੀ ਅਦਾਰੇ ਨੇ ਆਪਣਾ ਕੰਮ ਸਮੇਂ ਸਿਰ ਨਹੀਂ ਕੀਤਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਆਏ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਦਰਖ਼ਾਸਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ | ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੁਣ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਅਰਜ਼ੀ ਦੇਣ 'ਤੇ, ਸੱਤ ਦਿਨਾਂ ਦੇ ਅੰਦਰ ਸਰਕਾਰ ਅਰਜ਼ੀ ਦੀ ਆਨਲਾਈਨ ਸਮੀਖਿਆ ਕਰੇਗੀ ਅਤੇ ਜੇ ਕੋਈ ਕਮੀ ਹੈ ਤਾਂ ਬਿਨੈਕਾਰ ਨੂੰ ਇਸ ਸਬੰਧੀ ਸੂਚਿਤ ਕਰੇਗੀ ਅਤੇ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਨਾਲ ਬਾਕੀ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਇੱਕ ਡੀਮਡ ਪ੍ਰਵਾਨਗੀ ਪ੍ਰਣਾਲੀ ਵੀ ਕਾਰਜਸ਼ੀਲ ਕੀਤੀ ਗਈ ਹੈ ਅਤੇ ਜੇ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਸਮਰੱਥ ਅਥਾਰਿਟੀ ਵਲੋਂ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਹੈ ਤਾਂ ਫਾਸਟ-ਟਰੈਕ ਪੰਜਾਬ ਪੋਰਟਲ ਅਗਲੇ ਦਿਨ ਆਪਣੇ ਆਪ ਇੱਕ ਪ੍ਰਵਾਨਗੀ ਤਿਆਰ ਕਰੇਗਾ, ਜਿਸ ਦੀ ਕਾਨੂੰਨੀ ਵੈਧਤਾ ਨਿਯਮਿਤ ਪ੍ਰਵਾਨਗੀ ਦੇ ਸਮਾਨ ਹੈ | ਮੀਟਿੰਗ ਵਿਚ ਜ਼ਿਲ੍ਹਾ ਉਦਯੋਗ ਅਫ਼ਸਰ ਅੰਗਦ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਫ਼ੈਕਟਰੀ ਵਿਭਾਗ ਟੀਨ ਸਾਹਿਲ ਗੋਇਲ, ਉਦਯੋਗ ਦਫ਼ਤਰ ਤੋਂ ਸਚਿਨ, ਸਹਾਇਕ ਟਾਊਨ ਪਲਾਨਰ ਗੁਰਜੰਟ ਸਿੰਘ, ਈ.ਓ. ਦਫ਼ਤਰ ਤੋਂ ਮਨਸਾਹਿਬਪ੍ਰੀਤ ਸਿੰਘ, ਲੋਕ ਨਿਰਮਾਣ ਵਿਭਾਗ ਤੋਂ ਕੰਵਰਦੀਪ ਸਿੰਘ, ਕਿਰਤ ਵਿਭਾਗ ਤੋਂ ਨਰੇਸ਼ ਗਰਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਨ ਇੰਜੀਨੀਅਰ ਵਿੱਕੀ ਬਾਂਸਲ, ਬਿਜਲੀ ਵਿਭਾਗ ਦੇ ਸਹਾਇਕ ਇੰਜੀਨੀਅਰ ਰਵੀ ਪ੍ਰਕਾਸ਼, ਜੰਗਲਾਤ ਵਿਭਾਗ ਤੋਂ ਜਗਸੀਰ ਸਿੰਘ, ਫਾਇਰ ਵਿਭਾਗ ਤੋਂ ਇਕਬਾਲ ਸਿੰਘ ਆਦਿ ਹਾਜ਼ਰ ਸਨ |