ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਸ਼ਹਿਰ ਬਰਨਾਲਾ ਦੇ ਸੀਵਰ, ਪੀਣ ਵਾਲੇ ਪਾਣੀ ਅਤੇ ਧਨੌਲਾ ਦੇ ਵਿਕਾਸ ਕੰਮਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਕੰਮ ਦੀ ਸਮੀਖਿਆ ਕੀਤੀ | ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਵਿਖੇ ਸੀਵਰ ਦੀ ਸੁਪਰ ਸਕਰ ਮਸ਼ੀਨ ਰਾਹੀਂ ਸਫ਼ਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਿਚ ਗੰਦਾ ਪਾਣੀ ਨਾ ਖੜ੍ਹਾ ਹੋਵੇ | ਇਸ ਸਬੰਧੀ ਸੀਵਰੇਜ ਵਿਭਾਗ ਵਲੋਂ ਪ੍ਰੋਜੈਕਟ ਬਣਾ ਕੇ ਨਗਰ ਕੌਂਸਲਰ ਬਰਨਾਲਾ ਨੂੰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਰਨਾਲਾ ਦੇ ਉਹ ਇਲਾਕੇ ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ, ਨੂੰ 40 ਕਰੋੜ ਦੀ ਲਾਗਤ ਨਾਲ ਅਮਰਤ ਸਕੀਮ ਤਹਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ | ਇਸ ਕੰਮ ਸਬੰਧੀ ਦਸਤਾਵੇਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਨੂੰ ਅਮਲੀ ਜਾਮਾ ਪਾਇਆ ਜਾਵੇਗਾ | ਇਸੇ ਤਰ੍ਹਾਂ ਧਨੌਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ 'ਚ ਕਿਸੇ ਸਰਕਾਰ ਨੇ ਧਨੌਲਾ ਦੀ ਸਾਰ ਲੈਂਦਿਆਂ 19.47 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ਹਿਰ ਵਿਚ ਸ਼ੁਰੂ ਕੀਤੇ ਹਨ | ਉਨ੍ਹਾਂ ਦੱਸਿਆ ਕਿ ਧਨੌਲਾ ਵਿਖੇ ਕੁੱਲ 68 ਵਿਕਾਸ ਕਾਰਜ ਸ਼ੁਰੂ ਕੀਤੇ ਗਏ ਸਨ ਜਿਨ੍ਹਾਂ ਵਿਚੋਂ 80 ਫ਼ੀਸਦੀ ਕੰਮ ਮੁਕੰਮਲ ਹੋ ਚੁੱਕੇ ਹਨ | ਉਨ੍ਹਾਂ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਕੰਮ ਵੀ ਸਮੇਂ ਸਿਰ ਅਤੇ ਮਿਆਰੀ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣ | ਇਸ ਮੌਕੇ ਡਿਪਟੀ ਕਮਿਸ਼ਨਰ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ |