22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਨੇ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਭੇਜਿਆ 'ਰੋਸ ਪੱਤਰ'

ਅਜੀਤ ਡੈਸਕ 17-10-2025
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ) - ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਅਤੇ ਜਨਰਲ ਸਕੱਤਰ ਨਿਰਮਲ ਚੁਹਾਣਕੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੁਲਾਈ 2023 ਤੋਂ ਪੈਂਡਿੰਗ ਪੰਜ ਕਿਸ਼ਤਾਂ ਅਨੁਸਾਰ 16 ਫ਼ੀਸਦੀ ਡੀ.ਏ. ਜਾਰੀ ਨਾ ਕਰਨ ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਰੋਸ ਪੱਤਰ' ਸੌਂਪਿਆ ਗਿਆ | ਇਸ ਮੌਕੇ ਸੂਬਾ ਕਮੇਟੀ ਮੈਂਬਰ ਸੁਖਦੀਪ ਤਪਾ, ਜ਼ਿਲ੍ਹਾ ਖ਼ਜ਼ਾਨਚੀ ਲਖਵੀਰ ਠੁੱਲੀਵਾਲ, ਮੀਤ ਪ੍ਰਧਾਨ ਮਨਮੋਹਨ ਭੱਠਲ, ਬਲਾਕ ਪ੍ਰਧਾਨ ਮਾਲਵਿੰਦਰ ਸਿੰਘ, ਅੰਮਿ੍ਤਪਾਲ ਕੋਟਦੁੱਨਾ, ਬਲਾਕ ਸਕੱਤਰ ਰਘਵੀਰ ਕਰਮਗੜ੍ਹ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਉਪਰ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਜਿਸ ਦੇ ਨਤੀਜੇ ਵਜੋਂ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਹੁੰਦੇ ਐਲਾਨਾਂ ਅਨੁਸਾਰ ਬਣਦੇ 58 ਫ਼ੀਸਦੀ ਡੀ.ਏ. (ਮਹਿੰਗਾਈ ਭੱਤਾ) ਦੀ ਥਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 42 ਫ਼ੀਸਦੀ ਡੀ.ਏ. ਹੀ ਮਿਲ ਰਿਹਾ ਹੈ ਅਤੇ ਡੀ.ਏ. ਦੇ ਬਕਾਏ ਵੀ ਪੈਂਡਿੰਗ ਪਏ ਹਨ | ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਵੀ ਪੈਡਿੰਗ ਪਈਆਂ ਹਨ ਜਿਨ੍ਹਾਂ ਵਿਚ ਪੰਜਾਬ ਦੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਅਤੇ ਬਾਰਡਰ ਏਰੀਆ ਭੱਤਾ ਸਮੇਤ ਗੈਰ-ਵਾਜਬ ਰੂਪ ਵਿਚ ਕੱਟੇ ਗਏ 37 ਕਿਸਮ ਦੇ ਭੱਤੇ ਅਤੇ ਏ.ਸੀ.ਪੀ. ਸਕੀਮ ਬਿਨਾਂ ਕਾਰਨ ਰੋਕੇ ਹੋਏ ਹਨ | ਇਸੇ ਤਰ੍ਹਾਂ 17 ਜੁਲਾਈ 2020 ਜਾਂ ਇਸ ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਉੱਪਰ ਕੇਂਦਰ ਦਾ ਅਧੂਰਾ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਪੰਜਾਬ ਪੇਅ ਸਕੇਲ ਬਹਾਲ ਕੀਤੇ ਜਾਣ ਦੀ ਮੰਗ ਅਤੇ ਇਨ੍ਹਾਂ ਨੂੰ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਘੇਰੇ ਵਿਚ ਲੈ ਕੇ ਬਾਕੀ ਮੁਲਾਜ਼ਮਾਂ ਵਾਂਗ 15 ਫ਼ੀਸਦੀ ਵਾਧੇ ਸਹਿਤ ਤਨਖ਼ਾਹਾਂ ਫਿਕਸ ਕੀਤੇ ਜਾਣ ਦੀ ਮੰਗ ਜਿਉਂ ਦੀ ਤਿਉਂ ਖੜ੍ਹੀ ਹੈ | ਆਗੂਆਂ ਨੇ ਇਸ ਰੋਸ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਪੰਜਾਬ ਸਰਕਾਰ ਆਪਣੇ 18 ਅਕਤੂਬਰ 2022 ਦੇ ਨੋਟੀਫ਼ਿਕੇਸ਼ਨ ਨੂੰ ਹਕੀਕੀ ਰੂਪ ਵਿਚ ਲਾਗੂ ਕਰਦਿਆਂ ਨੈਸ਼ਨਲ ਪੈਨਸ਼ਨ ਪ੍ਰਣਾਲੀ ਰੱਦ ਕਰ ਕੇ ਪੰਜਾਬ ਦੇ ਮੁਲਾਜ਼ਮਾਂ 'ਤੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਤੁਰੰਤ ਬਹਾਲ ਕਰੇ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਪਿਛਲੇ 9 ਸਾਲਾਂ ਤੋਂ ਲਟਕਾਈ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਰਿਪੋਰਟ (ਸਮੇਤ ਕਾਡਰ ਵਾਈਜ਼ ਤੇ ਵਿਭਾਗ ਵਾਈਜ਼) ਮੁਕੰਮਲ ਰੂਪ ਵਿਚ ਜਾਰੀ ਕੀਤੀ ਜਾਵੇ ਅਤੇ ਪਰਖ ਕਾਲ ਸਬੰਧੀ ਮਿਤੀ 15 ਜਨਵਰੀ 2015 ਅਤੇ 7 ਸਤੰਬਰ 2016 ਦੇ ਪੱਤਰ ਰੱਦ ਕਰ ਕੇ ਦੋ ਸਾਲ ਦਾ ਪਰਖ ਸਮਾਂ ਸਮੇਤ ਪੂਰੀ ਤਨਖ਼ਾਹ ਅਤੇ ਭੱਤੇ ਲਾਗੂ ਕੀਤੇ ਜਾਣ | ਇਸ ਮੌਕੇ ਸੁਖਵਿੰਦਰ ਪੂਨਮ, ਗੁਰਜੀਤ ਕੌਰ, ਹੈੱਡਮਾਸਟਰ ਪ੍ਰਦੀਪ ਕੁਮਾਰ, ਰਘਵੀਰ ਮਹਿਤਾ, ਰਮਨਦੀਪ ਸਿੰਗਲਾ, ਭੁਪਿੰਦਰ ਸੇਖਾ, ਸੇਵਾ ਮੁਕਤ ਪਿ੍ੰਸੀਪਲ ਹਰਨੇਕ ਸੋਹੀ, ਗੁਰਜੰਟ ਸਿੰਘ, ਕੁਲਦੀਪ ਸੰਘੇੜਾ ਤੇ ਜਗਰੂਪ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਨਜ਼ਦੀਕ ਆਉਂਦੇ ਹੀ ਇਲਾਕੇ ਅੰਦਰ ਮੁੜ ਵਧਿਆ ਮਿੱਟੀ ਦੇ ਦੀਵਿਆਂ ਦਾ ਰੁਝਾਨ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।