ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਕਰਵਾਏ ਗਏ | ਜ਼ਿਲ੍ਹਾ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਦੇ ਸਹਿਯੋਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਬਰਨਾਲਾ ਦੇ ਪਿ੍ੰਸੀਪਲ ਹਰੀਸ਼ ਬਾਂਸਲ ਦੇ ਪ੍ਰਬੰਧਾਂ ਹੇਠ ਕਰਵਾਏ ਕੁਇਜ਼ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਮੁਕਾਬਲੇ ਤਿੰਨ ਵਰਗਾਂ 'ਚ ਹੋਏ | ਪਹਿਲੇ ਵਰਗ 'ਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਦੂਜੇ ਵਰਗ 'ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਤੀਜੇ ਵਰਗ 'ਚ ਕਾਲਜਾਂ ਦੇ ਗਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਹਰ ਵਰਗ ਵਿਚੋਂ ਪਹਿਲੇ,ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਹਰ ਵਰਗ ਵਿਚੋਂ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਕੁਇਜ਼ ਮੁਕਾਬਲੇ 'ਚ ਭਾਗ ਲੈਣਗੇ | ਉਨ੍ਹਾਂ ਦੱਸਿਆ ਕਿ ਪਹਿਲੇ ਵਰਗ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਹੀ ਵਿਦਿਆਰਥਣ ਸੁਖਵਿੰਦਰ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦੂਜੇ ਵਰਗ ਵਿਚੋਂ ਸਰਕਾਰੀ ਹਾਈ ਸਕੂਲ ਦਰਾਜ ਦੀ ਵਿਦਿਆਰਥਣ ਗੁਨੀਤ ਸ਼ਰਮਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੀ ਵਿਦਿਆਰਥਣ ਹਰਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਦੀ ਵਿਦਿਆਰਥਣ ਹਰਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਤੀਜੇ ਵਰਗ ਵਿਚੋਂ ਐਸ. ਡੀ. ਕਾਲਜ ਦੀ ਵਿਦਿਆਰਥਣ ਸੁਖਮਨ ਸ਼ਰਮਾ ਨੇ ਪਹਿਲਾ, ਐਸ.ਡੀ. ਕਾਲਜ ਦੇ ਹੀ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਦੂਜਾ ਅਤੇ ਐਸ.ਐਸ.ਡੀ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਲਖਵੀਰ ਸਿੰਘ ਲੈਕਚਰਾਰ, ਬਲਜਿੰਦਰ ਸਿੰਘ, ਪਰਗਟ ਸਿੰਘ, ਮਨਪ੍ਰੀਤ ਕੌਰ, ਹਰਜੀਤ ਸਿੰਘ, ਰਤਨਦੀਪ ਸਿੰਘ, ਬਿਕਰਮਜੀਤ ਸਿੰਘ, ਸੁਖਪਿੰਦਰ ਕੌਰ, ਕੁਲਦੀਪ ਰਾਣੀ, ਹਰਪ੍ਰੀਤ ਕੌਰ ਅਤੇ ਬਲਵੀਰ ਕੌਰ ਵਲੋਂ ਮੁਕਾਬਲਿਆਂ ਦੇ ਸੰਚਾਲਨ 'ਚ ਡਿਊਟੀ ਨਿਭਾਈ ਗਈ | ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਦਾ ਸਟਾਫ਼ ਸੰਦੀਪ ਕੌਰ, ਗੁਰਪ੍ਰੀਤ ਕੌਰ ਅਤੇ ਗੋਬਿੰਦ ਸਿੰਘ ਸਮੇਤ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ | ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਕੁਇਜ਼ ਮੁਕਾਬਲੇ ਦੇ ਸੰਚਾਲਨ ਲਈ ਡਿਊਟੀ ਦੇਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕਾਂ ਨੂੰ ਵਿਭਾਗੀ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ |