ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਬਰਮਿੰਘਮ ਦੇ ਉਪਰਾਲੇ ਸਦਕਾ ਗੁਰਦੁਆਰਾ ਸਾਹਿਬ ਦੇ ਟਰੱਸਟੀ ਸ. ਹਰਦੀਪ ਸਿੰਘ ਪੰਛੀ, ਸ. ਮਨਜਿੰਦਰ ਸਿੰਘ ਦੀ ਅਗਵਾਈ 'ਚ ਖ਼ਾਲਸਾ ਰਾਜ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਨੂੰ ਯਾਦ ਕਰਦਿਆਂ ਵੱਡੀ ਗਿਣਤੀ 'ਚ ਸਿੱਖ ਭਾਈਚਾਰਾ ਐਡਵੀਡਨ ਚਰਚ ਸੇਂਟ ਐਂਡਰਿਊ ਤੇ ਸੇਂਟ ਪੈਟਰਿਕ ਵਿਖੇ ਪਹੁੰਚਿਆ ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਸੰਬੰਧੀ -ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਤਾ ਨੇ ਦੱਸਿਆ ਕਿ 200 ਤੋਂ ਵੱਧ ਸਿੱਖ ਸੰਗਤਾਂ ਦਾ ਜਥਾ ਥੈਟਫੋਰਡ ਪਹੁੰਚਿਆ ਤੇ ਮਹਾਰਾਜਾ ਦਲੀਪ ਸਿੰਘ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਪ੍ਰਬੰਧਕਾਂ ਤੇ ਸੰਗਤਾਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜੰਗਬਾਜ ਸਿੰਘ ਅਤੇ ਬਾਬਾ ਮਨਪ੍ਰੀਤ ਸਿੰਘ ਨੇ ਚੌਪਈ ਸਾਹਿਬ ਦੇ ਪਾਠ ਕੀਤੇ ਤੇ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਨੇ ਅਰਦਾਸ ਕੀਤੀ | ਸੰਗਤ ਨੂੰ ਇੱਥੋਂ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਦਿੱਤੀ ਗਈ | ਸਮੂਹ ਸੰਗਤ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ |