19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਹੜ੍ਹਾਂ ਦੀ ਰੋਕਥਾਮ ਸੰਬੰਧੀ ਸਮੀਖਿਆ ਮੀਟਿੰਗ ਕੀਤੀ

ਅਜੀਤ ਡੈਸਕ 17-06-2025
ਨਾਰਾਇਣਗੜ੍ਹ, 16 ਜੂਨ (ਪੀ ਸਿੰਘ)-ਐਸ. ਡੀ. ਐਮ. ਸ਼ਿਵਜੀਤ ਭਾਰਤੀ ਵਲੋਂ ਅੱਜ ਹੜ੍ਹ ਕੰਟਰੋਲ ਅਤੇ ਐਮਰਜੈਂਸੀ ਪ੍ਰਬੰਧਨ ਸੰਬੰਧੀ ਵੱਖ-ਵੱਖ ਸਬ-ਡਵੀਜ਼ਨ ਪੱਧਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੰਭਾਵੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਚੌਕਸੀ ਅਤੇ ਤੁਰੰਤ ਕਾਰਵਾਈ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਇਸ ਮੌਕੇ ਐਸ. ਡੀ. ਐਮ. ਨੇ ਹਦਾਇਤ ਕੀਤੀ ਕਿ ਸਾਰੀਆਂ ਨਾਲੀਆਂ, ਗਟਰਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਇਕ ਹਫ਼ਤੇ ਦੇ ਅੰਦਰ-ਅੰਦਰ ਪੂਰਾ ਕਰ ਲਿਆ ਜਾਵੇ ਤਾਂ ਜੋ ਬਾਰਿਸ਼ ਦੌਰਾਨ ਪਾਣੀ ਇਕੱਠਾ ਨਾ ਹੋਵੇ | ਇਸ ਦੇ ਨਾਲ ਹੀ ਉਨ੍ਹਾਂ ਸਾਰੇ ਵਿਭਾਗਾਂ ਨੂੰ ਪਹਿਲਾਂ ਤੋਂ ਹੀ ਇਕ ਸੰਚਾਰ ਯੋਜਨਾ ਤਿਆਰ ਕਰਨ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਇਕ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਮਾਲ ਵਿਭਾਗ, ਪੰਚਾਇਤ ਵਿਭਾਗ, ਐਨ. ਐਚ. ਏ. ਆਈ., ਸਿੰਚਾਈ ਵਿਭਾਗ, ਲੋਕ ਨਿਰਮਾਣ ਵਿਭਾਗ, ਜਨ ਸਿਹਤ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਵਰਗੀਆਂ ਐਮਰਜੈਂਸੀ ਸਥਿਤੀਆਂ 'ਚ ਪ੍ਰਕਿਰਿਆ ਸਪੱਸ਼ਟ ਹੋਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੋਈ ਵੀ ਅਧਿਕਾਰੀ ਆਪਣਾ ਮੋਬਾਈਲ ਫੋਨ ਬੰਦ ਨਾ ਰੱਖੇ ਅਤੇ ਨਿਰੰਤਰ ਨਿਗਰਾਨੀ ਰੱਖੇ | ਉਨ੍ਹਾਂ ਕਿਹਾ ਕਿ ਜੇਕਰ ਬਾਰਿਸ਼ ਦੌਰਾਨ ਹੜ੍ਹ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਜਾਣ ਅਤੇ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੇ ਪੱਧਰ 'ਤੇ ਸ੍ਰੋਤਾਂ ਅਤੇ ਮਨੁੱਖੀ ਸ਼ਕਤੀ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਲੋੜ ਪੈਣ 'ਤੇ ਕੰਮ ਸਮੇਂ ਸਿਰ ਕੀਤਾ ਜਾ ਸਕੇ | ਨਾਲ ਹੀ ਸਮੂਹਿਕ ਤਾਲਮੇਲ ਅਤੇ ਸਹਿਯੋਗ 'ਤੇ ਜ਼ੋਰ ਦਿੰਦੇ ਹੋਏ ਐਸ. ਡੀ. ਐਮ. ਨੇ ਕਿਹਾ ਕਿ ਆਫ਼ਤ ਪ੍ਰਬੰਧਨ ਇਕ ਸਾਂਝੀ ਜ਼ਿੰਮੇਵਾਰੀ ਹੈ, ਜਿਸ 'ਚ ਸਾਰੇ ਵਿਭਾਗਾਂ ਨੂੰ ਪੂਰੀ ਤਿਆਰੀ ਨਾਲ ਕੰਮ ਕਰਨਾ ਹੋਵੇਗਾ | ਉਨ੍ਹਾਂ ਪੇਂਡੂ ਖੇਤਰਾਂ 'ਚ ਸਰਪੰਚ, ਪੰਚ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸ਼ਹਿਰੀ ਖੇਤਰਾਂ 'ਚ ਨਗਰ ਕੌਂਸਲਰਾਂ ਨਾਲ ਸੰਪਰਕ ਬਣਾਈ ਰੱਖਣ ਲਈ ਕਿਹਾ | ਇਸ ਮੌਕੇ ਨਾਇਬ ਤਹਿਸੀਲਦਾਰ ਨਾਰਾਇਣਗੜ੍ਹ ਸੰਜੀਵ ਅੱਤਰੀ, ਨਾਇਬ ਤਹਿਸੀਲਦਾਰ ਸ਼ਹਿਜ਼ਾਦਪੁਰ ਅਮਿਤ ਵਰਮਾ, ਬੀ. ਡੀ. ਪੀ. ਓ. ਜੋਗੇਸ਼ ਕੁਮਾਰ, ਸਟੈਨੋ ਨਵੀਨ ਸੈਣੀ, ਜਨ ਸਿਹਤ ਵਿਭਾਗ ਦੇ ਐਸ. ਡੀ. ਓ. ਅੰਕੁਸ਼ ਸਹਿਗਲ, ਲੋਕ ਨਿਰਮਾਣ ਵਿਭਾਗ ਦੇ ਐਸ. ਡੀ. ਓ. ਦਿਨੇਸ਼ ਕੁਮਾਰ ਤੇ ਨਗਰ ਸਕੱਤਰ ਮੋਹਿਤ ਕੁਮਾਰ ਸਮੇਤ ਸਿੰਚਾਈ ਵਿਭਾਗ, ਐਨ. ਐਚ. ਏ. ਆਈ. ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਆਪੋ ਆਪਣੇ ਵਿਭਾਗਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ |
ਪਿਛਲੀ ਖ਼ਬਰ ਪ੍ਰਧਾਨ ਦੇ ਅਹੁਦੇ ਲਈ 7 ਅਤੇ ਕੌਂਸਲਰ ਲਈ 29 ਉਮੀਦਵਾਰਾਂ ਨੇ ਫਾਰਮ ਭਰੇ ਅਗਲੀ ਖ਼ਬਰ ਨਾਜਾਇਜ਼ ਦੇਸੀ ਪਿਸਤੌਲ ਸਮੇਤ 1 ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।