24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਦੁਆਰਾ ਪ੍ਰਬੰਧ 'ਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਰਨਾ

ਅਜੀਤ ਡੈਸਕ 23-06-2025
ਨਵੀਂ ਦਿੱਲੀ, 22 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਅੱਜ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿਚ, ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਬਲ ਬਖ਼ਸ਼ਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਪ੍ਰਬੰਧ ਵਿਚ ਸਰਕਾਰੀ ਦਖ਼ਲ ਅੰਦਾਜ਼ੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਨਰੈਣੂ ਮਹੰਤ ਦੇ ਵਾਰਸ ਬਣਕੇ ਕੁਝ ਭਿ੍ਸ਼ਟ ਬੰਦੇ ਸਾਡੇ ਇਤਿਹਾਸਿਕ ਅਸਥਾਨਾਂ 'ਤੇ ਸਰਕਾਰ ਦੀ ਮਦਦ ਦੇ ਨਾਲ ਕਬਜ਼ੇ ਕਰ ਰਹੇ ਹਨ ਤੇ ਗੁਰੂ ਦੀ ਗੋਲਕ ਲੁੱਟਣ ਦੇ ਨਾਲ-ਨਾਲ ਸਿੱਖ ਸਿਧਾਂਤਾਂ ਨਾਲ ਵੀ ਖਿਲਵਾੜ ਕਰ ਰਹੇ ਹਨ ਅਤੇ ਸਿੱਖਾਂ ਦੀਆਂ ਜਾਇਦਾਦਾਂ ਖ਼ੁਰਦ ਬੁਰਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕੁਝ ਦਿਨ ਪਹਿਲਾਂ ਦੋ ਮੈਂਬਰਾਂ ਦੀ ਮੈਂਬਰਸ਼ਿਪ ਸਰਕਾਰੀ ਦਖ਼ਲ ਨਾਲ ਰੱਦ ਕਰਵਾਈ ਤੇ ਪੈਸੇ ਤੇ ਸੱਤਾ ਦੇ ਜ਼ੋਰ ਨਾਲ ਮੈਂਬਰਾਂ ਨੂੰ ਖ਼ਰੀਦ ਕੇ ਕੌਮ ਦੀ ਮਾਣਮੱਤੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਆਪਣੀ ਲੁੱਟ ਜਾਰੀ ਰੱਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਇਹਨਾਂ ਲੋਕਾਂ ਨੂੰ ਸਰਕਾਰੀ ਸਰਪ੍ਰਸਤੀ ਦਾ ਮਾਣ ਹੈ ਪਰ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਓਟ ਆਸਰਾ ਰੱਖਦਾ ਹੋਇਆ ਗੁਰੂ ਘਰਾਂ ਨੂੰ ਨਰੈਣੂ ਮਹੰਤ ਦੇ ਵਾਰਸਾਂ ਤੋਂ ਆਜ਼ਾਦ ਕਰਵਾਉਣ ਲਈ ਆਰ ਪਾਰ ਦੀ ਲੜਾਈ ਲੜੇਗਾ | ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਅਕਾਲੀ ਵਰਕਰ ਪ੍ਰਧਾਨ ਮੰਤਰੀ ਦੇ ਨਾਮ ਇਸ ਸੰਬੰਧੀ ਮੰਗ ਪੱਤਰ ਦੇਣਗੇ | ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀ.ਕੇ. ਨੇ ਮੌਜੂਦਾ ਕਮੇਟੀ ਨਿਜ਼ਾਮ ਦੀ ਤੁਲਨਾ ਰਾਮਰਾਇ ਤੇ ਧੀਰਮੱਲ ਨਾਲ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਤੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸਰਨਾ ਨੇ ਅਰਦਾਸ ਦੌਰਾਨ ਸਿਆਸੀ ਅਪੀਲਾਂ ਕਰ ਕੇ ਕੀਤੀ ਘੋਰ ਬੇਅਦਬੀ-ਕਾਲਕਾ, ਕਾਹਲੋਂ ਅਗਲੀ ਖ਼ਬਰ ਜਦੋਂ ਅਦੀਨਾ ਬੇਗ ਨੇ ਜ਼ੁਲਮਾਂ 'ਚ ਜ਼ਕਰੀਆ ਖ਼ਾਨ ਤੇ ਮੀਰ ਮੰਨੂੰ ਨੂੰ ਮਾਤ ਦਿੱਤੀ…

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।