ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਜਿੱਥੇ ਅਧਿਕਾਰੀ ਕਿਸਾਨਾਂ ਵਿੱਚ ਜਾਗਰੂ ਕਰਨ ਲਈ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਉਥੇ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ | ਵੀਰਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਰੈਲੀਆਂ ਕੱਢ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ | ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦੇ ਲਿਖੇ ਨਾਅਰੇ ਵਾਲੀਆਂ ਤਖਤੀਆਂ ਹੱਥਾਂ 'ਚ ਫੜੀਆਂ ਹੋਈਆਂ ਸਨ | ਉਨ੍ਹਾਂ ਨੇ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਵਾਤਾਵਰਣ 'ਤੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਤੇ ਸਾਰਿਆਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ | ਜ਼ਿਲ੍ਹੇ ਦੇ ਪਿੰਡਾਂ ਦੜਬਾ ਕਲਾਂ, ਖੈਰੇਕਾਂ ਤੇ ਹੋਰਾਂ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦਾ ਸੁਨੇਹਾ ਫੈਲਾਉਣ ਲਈ ਰੈਲੀਆਂ ਕੱਢੀਆਂ | ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਵਿਰੁੱਧ ਨਾਅਰੇ ਲਿਖੇ ਤਖ਼ਤੀਆਂ ਫੜੀਆਂ ਹੋਈਆਂ ਸਨ | ਸਕੂਲੀ ਬੱਚਿਆਂ ਨੇ 'ਵਾਤਾਵਰਣ ਬਚਾਓ, ਪਰਾਲੀ ਨਾ ਸਾੜਨ' ਦੇ ਨਾਅਰੇ ਨਾਲ ਪਿੰਡ ਵਾਸੀਆਂ ਨੂੰ ਸੁਨੇਹਾ ਦਿੱਤਾ | ਜਾਗਰੂਕਤਾ ਰੈਲੀ ਰਾਹੀਂ ਅਧਿਕਾਰੀਆਂ, ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਤੇ ਜਲਵਾਯੂ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਧਰਤੀ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬੇਲਰ ਦੀ ਵਰਤੋਂ ਕਰਕੇ ਪਰਾਲੀ ਨੂੰ ਇਕੱਠਾ ਕਰਕੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਜਿਸ ਨਾਲ ਵਾਤਾਵਰਣ ਸੁਰੱਖਿਆ ਯਕੀਨੀ ਬਣਾਈ ਜਾ ਸਕੇ |