ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਸਕੱਤਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਹੈ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਕਿਸਾਨਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦੇਵੇ | ਉਨ੍ਹਾਂ ਨੇ ਹੜ੍ਹਾਂ ਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦਿੱਤੇ ਜਾਣ ਦੀ ਵੀ ਮੰਗ ਕੀਤੀ | ਉਹ ਅੱਜ ਪਿੰਡ ਕਰੀਵਾਲਾ ਕਿਸਾਨ ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਹਰਦੇਵ ਸਿੰਘ ਜੋਸ਼ ਨੇ ਕੀਤੀ | ਮੀਟਿੰਗ 'ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਨੂੰ ਤੁਰੰਤ ਕਿਸਾਨਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਕਿੱਲਾ ਦੇਣਾ ਚਾਹੀਦਾ ਹੈ | ਜੇਕਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਪ੍ਰਦੂਸ਼ਣ ਦੇ ਦੋਸ਼ ਨਹੀਂ ਲਗਾਏ ਜਾਣੇ ਚਾਹੀਦੇ | ਉਨ੍ਹਾਂ ਨੇ ਮੰਡੀਆਂ ਵਿੱਚ ਝੋਨੇ ਦੀ ਵਿਕਰੀ ਨਾ ਹੋਣ ਅਤੇ ਆੜ੍ਹਤੀਆਂ ਵੱਲੋਂ ਜਿਆਦਾ ਤੋਲੇ ਜਾਣ 'ਤੇ ਮਾਰਕੀਟ ਕਮੇਟੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਜਾਣਬੁੱਝ ਕੇ ਕਿਸਾਨਾਂ ਦੀ ਲੁੱਟ ਕਰਵਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਤੁਲਾਈ ਵਿੱਚ ਹੇਰਾ ਫੇਰੀ ਕਰਨ ਵਾਲੇ ਤੋਲਿਆਂ ਤੇ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਇਸ ਦੌਰਾਨ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੀ 7 ਅਕਤੂਬਰ ਦੀ ਚੰਡੀਗੜ੍ਹ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਰਿਪੋਰਟ ਪੇਸ਼ ਕੀਤੀ | ਕਿਸਾਨ ਆਗੂ ਬਲਰਾਜ ਸਿੰਘ ਬਣੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਮੀ ਦੇ ਨਾਂ 'ਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ |