35 ਅਧਿਕਾਰੀਆਂ ਦੀ ਟੀਮ ਨੇ 67 ਮੈਡੀਕਲ ਸਟੋਰਾਂ ਦਾ ਕੀਤਾ ਨਿਰੀਖਣ
ਅਜੀਤ ਡੈਸਕ
06-11-2025
ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨਿਕ ਅਧਿਕਾਰੀਆਂ ਦੀ 35 ਮੈਂਬਰੀ ਟੀਮ ਨੇ ਜ਼ਿਲ੍ਹੇ ਦੇ 67 ਮੈਡੀਕਲ ਸਟੋਰਾਂ ਦਾ ਨਿਰੀਖਣ ਕੀਤਾ ਅਤੇ ਬੇਨਿਯਮੀਆਂ ਮਿਲਣ 'ਤੇ 16 ਮੈਡੀਕਲ ਸਟੋਰਾਂ ਨੂੰ ਸੀਲ ਕਰ ਦਿੱਤਾ ਗਿਆ | ਸੀਨੀਅਰ ਡਰੱਗ ਕੰਟਰੋਲ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ 35 ਮੈਂਬਰੀ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ | ਜਾਂਚ ਦੌਰਾਨ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਕਰਨ ਵਾਲੇ ਮੈਡੀਕਲ ਸਟੋਰਾਂ ਨੂੰ ਸੀਲ ਕੀਤਾ ਗਿਆ | ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਲਲਿਤ ਕੁਮਾਰ ਗੋਇਲ ਸਟੇਟ ਡਰੱਗ ਕੰਟਰੋਲਰ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ |
ਉਨ੍ਹਾਂ ਨੇ ਦੱਸਿਆ ਕਿ ਟੀਮ ਵੱਲੋਂ 67 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ 16 ਮੈਡੀਕਲ ਸਟੋਰਾਂ ਦੇ ਬੇਨਿਯਮੀਆਂ ਪਾਈਆਂ ਗਈਆਂ, ਜਿਨ੍ਹਾਂ ਨੂੰ ਸੀਲ ਕਰ ਦਿੱਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਨਿਰੀਖਣ ਦੌਰਾਨ ਪੰਦਰਾਂ ਨਮੂਨੇ ਵੀ ਲਏ ਗਏ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੈਡੀਕਲ ਸਟੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |