ਸਿਰਸਾ, 5 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੀ ਇਕ ਟੀਮ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਕਿਰਨ ਦੀਪ ਉਰਫ਼ ਕਿੰਨੂ ਪੁੱਤਰ ਅਵਤਾਰ ਸਿੰਘ ਵਾਸੀ ਨਰੇਲ ਖੇੜਾ ਵਜੋਂ ਹੋਈ ਹੈ | ਸੀਆਈਏ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਸੀਆਈਏ ਦੀ ਟੀਮ ਨੇ ਨਰੇਲ ਖੇੜਾ ਏਰੀਏ ਦੇ ਰੰਗੋਈ ਨਾਲੇ ਨੇੜੇ ਗਸ਼ਤ ਤੇ ਚੈਕਿੰਗ ਕਰ ਰਹੀ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ 'ਤੇ ਆਉਂਦਾ ਨੌਜਵਾਨ ਪੁਲੀਸ ਨੂੰ ਵੇਖ ਕੇ ਮੋਟਰਸਾਈਕਲ ਵਾਪਿਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਜੋਖਣ 'ਤੇ 29 ਗਰਾਮ ਬਣੀ | ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ |