ਨਵੀਂ ਦਿੱਲੀ,5 ਨਵੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ ¢ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਮੁਖੀ ਪ੍ਰਬੰਧਕਾਂ, ਲੋਕ-ਸਭਾ ਦੇ ਸਪੀਕਰ ਓਮ ਬਿਰਲਾ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਦਿੱਲੀ ਕਮੇਟੀ ਮੈਂਬਰਾਂ ਤੇ ਹੋਰਨਾ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ¢ ਸਮਾਗਮ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੀ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਡੱਟ ਕੇ ਪਹਿਰਾ ਦੇਣ ਦੀ ਪ੍ਰੇਰਨਾ ਕੀਤੀ ¢ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ 'ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ' ਦਾ ਸਿਧਾਂਤ ਦਿੱਤਾ ਤੇ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਉਨ੍ਹਾਂ ਖ਼ੁਦ ਕਈ ਸਾਲ ਖੇਤੀ ਕਰਕੇ ਇਹ ਸੁਨੇਹਾ ਦਿੱਤਾ ਕਿ ਸਿੱਖ ਵਾਸਤੇ ਹੱਥੀਂ ਕਿਰਤ ਕਰਨੀ ਬੇਹੱਦ ਜ਼ਰੂਰੀ ਹੈ ¢ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਨਾਲ ਸਮਾਜ ਵਿਚੋਂ ਅਗਿਆਨਤਾ ਦਾ ਹਨੇਰਾ ਦੂਰ ਕੀਤਾ ਅਤੇ ਸਰਬ ਸਾਂਝੀਵਾਲਤਾ ਦੀ ਗੱਲ ਕਰਦੇ ਹੋਏ ਸਭ ਦੀ ਭਲਾਈ ਦਾ ਸਿਧਾਂਤ ਸਿਖਾਇਆ ¢ ਸਮਾਗਮ ਵਿਚ ਸਟੇਜ ਸਕੱਤਰ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਮੁਖੀ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਨਿਭਾਈ ਗਈ ¢ ਸਮਾਗਮ ਦੌਰਾਨ ਲੋਕ-ਸਭਾ ਦੇ ਸਪੀਕਰ ਓਮ ਬਿਰਲਾ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਵੀ ਕੀਤਾ ਗਿਆ ¢