ਸਿਰਸਾ, 25 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਖੈਰੇਕਾਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਦੰਪਤੀ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਪਿੰਡ ਨਾਗੋਕੀ ਵਾਸੀ ਸਤਪਾਲ (55) ਅਤੇ ਉਸ ਦੀ ਪਤਨੀ ਰੇਸ਼ਮਾ ਦੇਵੀ (49) ਵਜੋਂ ਹੋਈ ਹੈ | ਮਿ੍ਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ | ਪੁਲਿਸ ਨੇ ਅਣਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਤਪਾਲ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਿਰਸਾ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਾਹ 'ਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ ਤੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ | ਰਾਹਗੀਰਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮਿ੍ਤਕ ਐਲਾਨ ਦਿੱਤਾ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿੱਤੀ ਦਾ ਜਾਇਜਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ |