ਸ਼ਾਹਕੋਟ, 15 ਜੂਨ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਭਰਨ ਦਾ ਸਮਾਂ 31 ਜੁਲਾਈ ਤੱਕ ਵਧਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਸ਼ਾਹਕੋਟ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀ 'ਵਨ ਟਾਈਮ ਸੈਟਲਮੈਂਟ' ਸਕੀਮ ਦਾ ਲਾਭ ਲੈਣਾ ਚਾਹੀਦਾ ਹੈ | ਪੰਡੋਰੀ ਨੇ ਕਿਹਾ ਕਿ ਜਿਨ੍ਹਾਂ ਸ਼ਹਿਰ ਵਾਸੀਆਂ ਨੇ ਪਿਛਲੇ ਸਾਲਾਂ ਤੋਂ ਆਪਣੇ ਮਕਾਨ, ਦੁਕਾਨ ਜਾਂ ਕਿਸੇ ਵੀ ਜਾਇਦਾਦ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਤਾਂ ਉਹ 31 ਜੁਲਾਈ 2025 ਤੱਕ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਜਮ੍ਹਾਂ ਕਰਵਾ ਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਨੂੰ ਕੋਈ ਜ਼ੁਰਮਾਨਾ ਨਹੀਂ ਲੱਗੇਗਾ ਤੇ ਵਿਆਜ ਤੋਂ ਵੀ ਪੂਰਨ ਛੋਟ ਮਿਲੇਗੀ | ਹਲਕਾ ਇੰਚਾਰਜ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਵਨ ਟਾਈਮ ਸੈਟਲਮੈਂਟ ਸਕੀਮ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਵਲੋਂ ਲਗਾਤਾਰ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ |