ਫਿਲੌਰ, 20 ਸਤੰਬਰ (ਸਤਿੰਦਰ ਸ਼ਰਮਾ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਿ੍ਥੀਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ ਨੈਤਿਕ ਕਦਰਾਂ ਕੀਮਤਾਂ ਨੂੰ ਬਹਾਲ ਰੱਖਦੇ ਹੋਏ ਕਾਂਗਰਸੀ ਇਕਜੁਟ ਹੋ ਜਾਣ ਤਾਂ 2027 'ਚ ਪੰਜਾਬ ਅੰਦਰ ਕਾਂਗਰਸ ਦੀ ਹੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਲੋਕ ਜਾਣ ਗਏ ਹਨ ਕਿ ਦੇਸ਼ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਧਰਮ ਨਿਰਪੱਖ ਹੋਣ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਨੂੰ ਨਾਲ ਲੈ ਕੇ ਚਲਦੀ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲੈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੰਜਾਬ ਕਾਂਗਰਸ ਅਸਲ ਵਿਚ ਇਕਮੁੱਠ ਹੋਵੇ ਤਾਂ ਹੀ ਪੰਜਾਬ ਦਾ ਸਰਵ ਪੱਖੀ ਵਿਕਾਸ ਹੋ ਸਕੇਗਾ | ਖਹਿਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵੱਲੋਂ ਹਾਸ਼ੀਏ 'ਤੇ ਧੱਕੇ ਗਏ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਕਰਨ ਲਈ ਦਿੱਲੀ ਹਾਈ ਕਮਾਨ ਨਿਰੰਤਰ ਯਤਨਸ਼ੀਲ ਹੈ | ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੁਰਜ਼ੋਰ ਸ਼ਬਦਾਂ 'ਚ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਆਪਸੀ ਮੱਤਭੇਦ, ਗਿਲੇ ਸ਼ਿਕਵੇ ਅਤੇ ਧੜ੍ਹੇਬੰਦੀ ਨੂੰ ਭੁਲਾ ਕੇ ਇਕ ਮੰਚ 'ਤੇ ਇਕੱਠੇ ਹੋ ਜਾਣ ਅਤੇ ਕਾਂਗਰਸ ਹਾਈ ਕਮਾਨ ਦੇ ਝੰਡੇ ਹੇਠ ਇਕਜੁਟਤਾ ਦਾ ਪ੍ਰਮਾਣ ਦੇਣ |