ਜਲੰਧਰ, 15 ਅਕਤੂਬਰ (ਪਵਨ ਖਰਬੰਦਾ)-ਰਾਸ਼ਟਰੀ ਵਿਗਿਆਨ ਕੇਂਦਰ ਨਵੀਂ ਦਿੱਲੀ ਅਤੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੈਸ਼ਨਲ ਅਵਾਰਡੀ ਡਾ.ਗੁਰਿੰਦਰਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਐਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਅੱਜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਕੁਆਂਟਮ ਯੁੱਗ ਦਾ ਆਗਾਜ਼ ਹੋ ਚੁੱਕਿਆ ਹੈ ਅਤੇ ਭਵਿੱਖ ਵਿੱਚ ਇਸ ਦੀ ਅਹਿਮੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ | ਪਿ੍ੰਸੀਪਲ ਸੁਖਦੇਵ ਲਾਲ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਦੌਰਾਨ ਜ਼ਿਲ੍ਹੇ ਦੇ ਸਮੂਹ 17 ਬਲਾਕਾਂ ਦੇ ਪਹਿਲੇ ਅਤੇ ਦੂਜੇ ਸਥਾਨ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈ ਰਹੇ ਸਮੂਹ ਵਿਦਿਆਰਥੀਆਂ ਵੱਲੋਂ ਕੁਆਂਟਮ ਯੁਗ ਦੀਆਂ ਸੰਭਾਵਨਾਵਾਂ ਅਤੇ ਚੁਣੌਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ | ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਕੁਆਂਟਮ ਤਕਨੀਕ ਦੀ ਵਰਤੋਂ ਨਾਲ ਭਵਿੱਖ ਵਿੱਚ ਲਾ-ਇਲਾਜ ਬਿਮਾਰੀਆਂ ਦੇ ਇਲਾਜ ਸੰਭਵ ਹੋ ਸਕਣਗੇ | ਮੀਡੀਆ ਇੰਚਾਰਜ ਹਰਜੀਤ ਸਿੰਘ ਵੱਲੋਂ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ ਗਏ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਲਾਵਲਪੁਰ ਦੀ ਜਸਮੀਨ ਵੱਲੋਂ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੇ ਮਹੇਸ਼ ਕੁਮਾਰ ਵੱਲੋਂ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦੀ ਦੀਕਸ਼ਾ ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ | ਇਸ ਮੌਕੇ ਸਾਬਕਾ ਜ਼ਿਲਾ ਸਾਇੰਸ ਸੁਪਰਵਾਈਜ਼ਰ ਬਲਜਿੰਦਰ ਸਿੰਘ ਵਲੋਂ ਸਮੂਹ ਜੇਤੂ ਵਿੱਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਗੁਰਿੰਦਰਜੀਤ ਕੌਰ, ਪਿ੍ੰਸੀਪਲ ਕੁਲਦੀਪ ਕੌਰ, ਪਿ੍ੰਸੀਪਲ ਸੁਖਦੇਵ ਲਾਲ ਬੱਬਰ, ਪਿ੍ੰਸੀਪਲ ਦਿਨੇਸ਼, ਹਰਜੀਤ ਕੁਮਾਰ ਬਾਵਾ ਅਤੇ ਬਲਜਿੰਦਰ ਸਿੰਘ ਵੱਲੋਂ ਸਮੂਹ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ |