ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ, ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਸੂਬੇ 'ਚ ਆਏ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਹੜ੍ਹਾਂ ਨਾਲ ਜਿੱਥੇ ਕਈ ਕੀਮਤੀ ਜਾਨਾਂ ਅਜਾਈਾ ਚਲੀਆਂ ਗਈਆਂ, ਉੱਥੇ ਕਿਸਾਨਾਂ ਦੀਆਂ ਫਸਲਾਂ ਦੀ ਵੀ ਕਾਫੀ ਬਰਬਾਦੀ ਹੋਈ ਤੇ ਲੋਕਾਂ ਦੇ ਘਰ ਤੱਕ ਢਹਿ ਗਏ ਤੇ ਮਾਲ ਡੰਗਰ ਵੀ ਰੁੜ ਗਏ | ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਸੂਬੇ ਦੇ ਲੋਕਾਂ ਦੀ ਬਾਂਹ ਫੜਨ ਦੀ ਲੋੜ ਸੀ ਤਾਂ ਪੰਜਾਬ ਸਰਕਾਰ ਕੇਂਦਰ ਸਰਕਾਰ ਖਿਲਾਫ ਦੂਸ਼ਣਬਾਜ਼ੀ 'ਚ ਰੁੱਝੀ ਹੋਈ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜ੍ਹਨ 'ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ, ਜਦਕਿ ਇਸ ਸੰਕਟ ਦੇ ਸਮੇਂ ਕੇਂਦਰ ਸਰਕਾਰ ਨੇ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਸੂਬੇ ਦੇ ਲੋਕਾਂ ਦੀ ਬਾਂਹ ਫੜ੍ਹੀ ਤੇ ਹੜ੍ਹ ਰਾਹਤ ਫੰਡ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੌਰਾ ਕਰਕੇ ਜਾਇਜ਼ਾ ਲਿਆ ਤੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹਰ ਹਾਲ 'ਚ ਕੀਤੀ ਜਾਵੇਗੀ | ਸ. ਨੈਨੇਵਾਲ, ਬਿੱਟਾ ਤੇ ਢਿੱਲੋਂ ਨੇ ਕਿਹਾ ਕਿ ਰਾਜ ਅੰਦਰ 36 ਹਜ਼ਾਰ ਤੋਂ ਉੱਪਰ ਘਰਾਂ ਦੇ ਹੋਏ ਨੁਕਸਾਨ ਲਈ ਖੇਤੀਬਾੜੀ ਮੰਤਰੀ ਵਲੋਂ ਜਿੱਥੇ 1.60 ਲੱਖ ਰੁਪਏ ਪ੍ਰਤੀ ਘਰ, ਕਿਸਾਨਾਂ ਨੂੰ ਕਣਕ ਦੇ ਬੀਜ ਲਈ 74 ਕਰੋੜ ਰੁਪਏ ਤੇ ਸਰ੍ਹੋਂ ਲਈ 3.40 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਇਸੇ ਤਰ੍ਹਾਂ ਕੇਂਦਰ ਸਰਕਾਰ ਵਲੋਂ ਨਵੇਂ ਘਰਾਂ ਲਈ 1.20 ਲੱਖ ਰੁਪਏ ਤੇ ਟਾਇਲਟਾਂ ਆਦਿ ਲਈ ਵੀ ਸਹਾਇਤਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕੇਂਦਰ ਸਰਕਾਰ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੋਰ ਰਾਹਤ ਰਾਸ਼ੀ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ | ਇਸ ਮੌਕੇ ਪੰਜਾਬ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵਲੋਂ ਅਜੇ ਤੱਕ ਪ੍ਰਭਾਵਿਤ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਕੀਤੇ ਗਏ ਧੋਖੇ ਲਈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ |