ਜਲੰਧਰ, 24 ਨਵੰਬਰ (ਐੱਮ. ਐੱਸ. ਲੋਹੀਆ)-ਆਮ ਆਦਮੀ ਕਲੀਨਿਕ ਸਾਂਝਾ ਫ਼ਰੰਟ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਸਰਕਾਰ ਵਿਰੁੱਧ ਆਪਣਾ ਸਖ਼ਤ ਰੂਪ ਅਪਣਾਉਣਗੇ | ਆਗੂਆਂ ਨੇ ਕਿਹਾ ਕਿ 29 ਅਕਤੂਬਰ ਨੂੰ ਉਨ੍ਹਾਂ ਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ, ਜਿਸ 'ਚ ਕਈ ਮਹੱਤਵਪੂਰਣ ਮੁੱਦਿਆਂ 'ਤੇ ਸਹਿਮਤੀ ਬਣੀ ਸੀ | ਇਸ ਦੌਰਾਨ ਸਿਹਤ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਸਾਂਝੇ ਫ਼ਰੰਟ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਪਰ ਸਰਕਾਰ ਵਲੋਂ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਵਰਕਰਾਂ 'ਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਉਹ ਸੰਘਰਸ਼ ਕਰਨਗੇ, ਜਿਸ ਦੀ ਜਲਦ ਹੀ ਰੂਪਰੇਖਾ ਤਿਆਰ ਕੀਤੀ ਜਾਵੇਗੀ |