ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੂਰੇ ਵਿਸ਼ਵ ਭਰ ਵਿਚ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪੂਰੀ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਇਕ ਰੱਬ ਨਾਲ ਜੋੜਨ ਦਾ ਉਪਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਪ੍ਰੇਰਨਾਸਰੋਤ ਹਨ | ਵਿਧਾਇਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਮਾਜ ਵਿਚੋਂ ਬੁਰਾਈਆਂ ਨੂੰ ਦੂਰ ਕਰਨ ਦਾ ਯਤਨ ਕਰਨਾ ਚਾਹੀਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ | ਵਿਧਾਇਕ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਸਦਾ ਸੱਚ ਬੋਲਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੰਦੀਆਂ ਹਨ |