15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 06-11-2025

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਭਰ ਵਿਚ ਸੰਗਤਾਂ ਵਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ | ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ | ਇਸ ਤੋਂ ਮਗਰੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ | ਚੱਲ ਰਹੇ ਕੀਰਤਨ ਪ੍ਰਵਾਹ ਦੌਰਾਨ ਵੱਖ-ਵੱਖ ਰਾਗੀ ਜਥਿਆਂ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਨਿਰਮਲਜੀਤ ਸਿੰਘ ਵਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ਅਤੇ ਰਾਗੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਅਤੇ ਗੁਰਦੁਆਰਾ ਦੂਖ ਨਿਵਾਰਨ ਤਰਨਤਰਨ ਸਾਹਿਬ ਵਿਖੇ ਨਤਮਸਤਕ ਹੋਈਆਂ | ਸਾਰਾ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਗੁਰਦੁਆਰਾ ਤੰਬੂ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤ ਅਭਿਲਾਖੀਆਂ ਨੇ ਅੰਮਿ੍ਤ ਪਾਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਮੋਠਾਂਵਾਲਾ, ਸਰੂਪ ਸਿੰਘ ਨੰਦਗੜ੍ਹ, ਹਰਤੇਜ ਸਿੰਘ ਭੁੱਲਰਵਾਲਾ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਧਰਮਿਕ ਦੀਵਾਨਾਂ ਵਿਚ ਹਾਜ਼ਰੀ ਭਰੀ | ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਵੀ ਅੱਜ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸ ਉਪਰੰਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੈਨੇਜਰ ਨਿਰਮਲਜੀਤ ਸਿੰਘ ਤੇ ਮੀਤ ਮੈਨੇਜਰ ਸੁਖਦੇਵ ਸਿੰਘ ਵਲੋਂ ਐੱਸ.ਐੱਸ.ਪੀ. ਨੂੰ ਸਿਰੋਪਾਓ, ਲੋਈ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ, ਹਰਤੇਜ ਸਿੰਘ ਭੁੱਲਰਵਾਲਾ ਤੋਂ ਇਲਾਵਾ ਐੱਸ.ਪੀ. (ਐੱਚ) ਰਾਜਨ ਸ਼ਰਮਾ, ਡੀ.ਐੱਸ.ਪੀ. (ਐੱਚ) ਅਮਨਦੀਪ ਸਿੰਘ, ਥਾਣਾ ਸਿਟੀ ਦੇ ਐੱਸ.ਐੱਚ.ਓ. ਜਸਕਰਨਦੀਪ ਸਿੰਘ ਵੀ ਹਾਜ਼ਰ ਸਨ | ਇਸ ਦੌਰਾਨ ਹੀ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਸਮਾਚਾਰ ਪ੍ਰਾਪਤ ਹੋਏ ਹਨ | ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨੂੰ ਸੁੰਦਰ ਰੰਗ- ਬਿਰੰਗੀਆਂ ਬਿਜਲਈ ਲੜੀਆਂ ਨਾਲ ਸਜਾਇਆ ਗਿਆ ਅਤੇ ਦੀਪਮਾਲਾ ਕੀਤੀ ਗਈ | ਸ਼ਾਮ ਤੋਂ ਮਗਰੋਂ ਰਾਤ ਤੱਕ ਸੰਗਤ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਦੀਵੇ ਅਤੇ ਮੋਮੱਬਤੀਆਂ ਜਗਾ ਕੇ ਰੋਸ਼ਨੀ ਕੀਤੀ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮਲੋਟ, (ਪਾਟਿਲ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਕੀਰਤਨ ਸਵੇਰੇ 8:30 ਵਜੇ ਤੋਂ 9:45 ਵਜੇ ਤੱਕ ਹੋਇਆ ਅਤੇ ਕੀਰਤਨ ਸਮਾਗਮ ਸਵੇਰੇ 10:30 ਵਜੇ ਤੋਂ 1:30 ਵਜੇ ਤੱਕ ਕਰਵਾਇਆ ਗਿਆ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰ ਸਿੰਘ ਸਭਾ ਮਲੋਟ ਅਤੇ ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰਾਤ ਦੇ ਦੀਵਾਨ 7 ਤੋਂ 9:15 ਵਜੇ ਤੱਕ ਸਜਾਏ ਜਾਣਗੇ | ਇਸ ਉਪਰੰਤ ਦੁੱਧ ਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਕੀਰਤਨ ਦਰਬਾਰ ਕਰਵਾਇਆ
ਮਲੋਟ, (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ, ਨੌਜਵਾਨ ਸਭਾ ਅਤੇ ਇਸਤਰੀ ਸਤਿਸੰਗ ਸਭਾ ਮਲੋਟ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸਜਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਵੇਰੇ 9 ਤੋਂ 1:30 ਵਜੇ ਤੱਕ ਕੀਤਾ ਗਿਆ | ਉਪਰੰਤ ਗੁਰ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਐੱਚ.ਡੀ.ਐੱਫ਼.ਸੀ. ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਵਿਚ ਪਹੁੰਚ ਰਹੇ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਮਨਦੀਪ ਸਿੰਘ ਮੁਰੀਦ ਕਥਾ ਵਾਚਕ ਜਲੰਧਰ ਵਾਲੇ, ਭਾਈ ਸੁਖਜਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਈ ਸਤਨਾਮ ਸਿੰਘ ਕਥਾ ਵਾਚਕ ਗੁਰਦੁਆਰਾ ਭਾਈ ਜਗਤਾ ਜੀ ਮਲੋਟ, ਭਾਈ ਅੰਮਿ੍ਤਪਾਲ ਸਿੰਘ ਠਾਠ ਨਾਨਕਸਰ ਮਲੋਟ, ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮਹੱਲਾ ਕਰਨੈਲ ਸਿੰਘ ਮਲੋਟ ਅਤੇ ਭਾਈ ਨਵਜੋਤ ਸਿੰਘ ਗ੍ਰੰਥੀ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮਹੱਲਾ ਕਰਨੈਲ ਸਿੰਘ ਮਲੋਟ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਰਾਤ ਨੂੰ ਦੁੱਧ ਅਤੇ ਦੇਸੀ ਘਿਓ ਦੀਆਂ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਡੀ.ਏ.ਵੀ. ਪਬਲਿਕ ਸਕੂਲ ਵਿਖੇੇ ਪ੍ਰਕਾਸ਼ ਪੁਰਬ ਮਨਾਇਆ
ਮਲੋਟ, (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ | ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸੁਣਾਈਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਸਕੂਲ ਦੇ ਸੰਗੀਤ ਵਿਭਾਗ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਸੰਦੇਸ਼ ਦਿੱਤਾ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਪ੍ਰੇਰਨਾਦਾਇਕ ਵੀਡੀਓ ਵੱਖ-ਵੱਖ ਕਲਾਸਾਂ ਨੂੰ ਦਿਖਾਏ ਗਏ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ, ਕਵੀਸ਼ਰੀ, ਭਾਸ਼ਣ ਕੀਤਾ ਗਿਆ | ਸ੍ਰੀ ਆਨੰਦ ਸਾਹਿਬ ਦੇ ਪਾਠ ਉਪਰੰਤ ਭੋਗ ਪਾਇਆ ਗਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਪਿ੍ੰਸੀਪਲ ਹਰਪਾਲ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਨੇਕ, ਇਮਾਨਦਾਰ ਤੇ ਮਾਤਾ-ਪਿਤਾ ਦੇ ਆਗਿਆਕਾਰੀ ਬਣਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਬਬੀਤਾ ਵਧਵਾ, ਸੀਮਾ ਗੁਪਤਾ, ਗੁਰਜੀਤ ਕੌਰ, ਮਨਦੀਪ ਕੌਰ, ਜੀਨੀਆ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਐੱਚ.ਐੱਸ. ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਬਾਣੀ ਸਰਵਣ ਕੀਤੀ | ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ ਅਤੇ ਪਿ੍ੰਸੀਪਲ ਵਿਪਨ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾਸਰੋਤ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ | ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਦਿਹਾੜੇ 'ਤੇ ਵਧਾਈ ਦਿੱਤੀ ਗਈ | ਇਸ ਸਮੇਂ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਸਤਿਕਾਰ ਤੇ ਸ਼ਰਧਾ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਪਾਠ ਕਰਕੇ ਅਰਦਾਸ ਨਾਲ ਕੀਤੀ ਗਈ | ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਆਧਾਰਿਤ ਸੁਨੇਹੇ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਸਭ ਨੂੰ ਪ੍ਰਭਾਵਿਤ ਕੀਤਾ | ਸਕੂਲ ਦੇ ਧਾਰਮਿਕ ਵਿਭਾਗ ਵਲੋਂ ਗੁਰੂ ਜੀ ਦੀ ਜੀਵਨ ਕਥਾ ਤੇ ਉਨ੍ਹਾਂ ਦੇ ਉਪਦੇਸ਼ਾਂ 'ਤੇ ਇਕ ਸੁੰਦਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਸੱਚਾਈ, ਨਿਮਰਤਾ ਤੇ ਮਨੁੱਖਤਾ ਦੀ ਭਲਾਈ ਕਰਦਿਆਂ ਬੀਤਿਆ | ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪਿ੍ੰਸੀਪਲ ਜਯੋਤੀ ਗੂੰਬਰ, ਸਮੂਹ ਸਟਾਫ਼ ਮੈਂਬਰ ਸਕੂਲ ਪ੍ਰਬੰਧਕਾਂ ਨੇ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਜੀ. ਐੱਨ. ਡੀ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਲੰਬੀ, (ਨਿੱਜੀ ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜੀ.ਐੱਨ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਪੋ੍ਰਗਰਾਮ ਦੀ ਸ਼ੁਰੂਆਤ ਦੌਰਾਨ ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ, ਰਾਈਟਿੰਗ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਗੁਰੂ ਜੀ ਦੀ ਜੀਵਨੀ ਨਾਲ ਸੰਬੰਧਿਤ ਵਿਸ਼ਿਆਂ 'ਤੇ ਕਰਵਾਏ ਗਏ | ਬੱਚਿਆਂ ਵਲੋਂ ਮਾਡਲ ਤਿਆਰ ਕਰਕੇ ਗੁਰੂ ਜੀ ਦੀਆਂ ਜੀਵਨ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਨ੍ਹਾਂ ਮੁਕਾਬਲਿਆਂ ਵਿਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਛੋਟੇ ਸ਼ਾਹਿਬਜ਼ਾਦਿਆਂ ਦੀ ਜੀਵਨੀ ਨਾਲ ਸੰਬੰਧਿਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਦਰਸ਼ਨ ਸਿੰਘ ਐੱਨ.ਆਰ.ਆਈ. (ਯੂ.ਐੱਸ.ਏ.) ਅਤੇ ਬਲਾਕ ਲੰਬੀ ਤੋਂ ਰੋਜ਼ਾਨਾ 'ਅਜੀਤ' ਦੇ ਪ੍ਰਤੀਨਿਧ ਮੇਵਾ ਸਿੰਘ ਵਿਸ਼ੇਸ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਸੰਦੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਸਕੂਲੀ ਵਿਦਿਆਰਥਣਾਂ ਅਰਸ਼ਦੀਪ ਕੌਰ ਤੇ ਨਵਜੋਤ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਇਸ ਤੋਂ ਇਲਾਵਾ ਰਾਜਵੰਤ ਕੌਰ, ਸਵਰਨਜੀਤ ਕੌਰ, ਪਲਵਿਦਰ ਕੌਰ, ਹਰਫੂਲ ਸਿੰਘ, ਰੋਹਿਤ ਕੁਮਾਰ, ਸੰਦੀਪਪਾਲ, ਪ੍ਰਨੀਤ ਕੌਰ, ਜੋਤਬੀਰ, ਬਲਜਿੰਦਰ ਕੌਰ ਨੇ ਵੀ ਪ੍ਰੋਗਰਾਮ ਸੰਚਾਲਨ ਵਿਚ ਅਹਿਮ ਭੂਮਿਕਾ ਨਿਭਾਈ | ਪੋ੍ਰਗਰਾਮ ਦੇ ਆਖ਼ਰ ਵਿਚ ਪਿ੍ੰਸੀਪਲ ਪ੍ਰਦੀਪ ਕੌਰ ਸੰਦੂ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ |
ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਨਿੱਕੇ ਬੱਚਿਆਂ ਨੇ ਖੰਡਾ ਸਾਹਿਬ ਦੀ ਰਚਨਾ ਨੂੰ ਰੰਗਾਂ ਨਾਲ ਸਜਾਇਆ | ਜਿਸ ਨਾਲ ਉਨ੍ਹਾਂ ਨੇ ਸਿੱਖ ਪਰੰਪਰਾ ਤੇ ਸਭਿਆਚਾਰ ਪ੍ਰਤੀ ਆਪਣਾ ਪਿਆਰ ਦਰਸਾਇਆ | ਸਵੇਰ ਦੀ ਵਿਸ਼ੇਸ਼ ਸਭਾ ਵਿਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਤੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਬਾਰੇ ਭਾਸ਼ਣ ਦਿੱਤੇ | ਸਕੂਲ ਦੀ ਚੇਅਰਪਰਸਨ ਪਰਮਜੀਤ ਕੌਰ ਬਰਾੜ ਅਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ |
ਫ਼ਰੀਦਕੋਟ, (ਹਰਮਿੰਦਰ ਸਿੰਘ ਮਿੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਰਾਮਗੜੀਆ ਸਭਾ ਫ਼ਰੀਦਕੋਟ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਣਜੋਧ ਸਿੰਘ ਕੈਨੇਡਾ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਬਾਬਾ ਵਿਸ਼ਵਕਰਮਾ ਦੇ ਪ੍ਰਧਾਨ ਮੱਘਰ ਸਿੰਘ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਲਾਲ ਸਿੰਘ ਕਲਸੀ ਜਰਨਲ ਸਕੱਤਰ, ਸੁਪਰੀਤ ਸਿੰਘ, ਨੇਕ ਸਿੰਘ, ਪ੍ਰੋ. ਜਤਿੰਦਰ ਸਿੰਘ ਸੰਧੂ, ਹਰਭਜਨ ਸਿੰਘ ਖਾਲਸਾ, ਮਾਸਟਰ ਸੁਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ ਤੋਤਾ, ਕਸ਼ਮੀਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਜਗਤਾਰ ਸਿੰਘ, ਕੁਲਵੰਤ ਸਿੰਘ, ਵਿੱਕੀ ਸਿੰਘ, ਸ਼ਵਿੰਦਰ ਸਿੰਘ, ਬਲਦੇਵ ਸਿੰਘ ਖੋਸਾ, ਮਾਸਟਰ ਸੰਤ ਸਿੰਘ ਹਾਜ਼ਰ ਸਨ | ਇਸ ਮੌਕੇ ਭਾਈ ਰਣਜੋਧ ਸਿੰਘ ਅਤੇ ਵਿੱਕੀ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |
ਗੁਰਦੁਆਰਾ ਸਾਹਿਬ ਪੁਲਿਸ ਲਾਈਨ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ | ਇਸ ਦੌਰਾਨ ਕੀਰਤਨੀ ਜਥੇ ਨੇ ਆਈ ਹੋਈ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਇਸ ਮੌਕੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਸਮੇਤ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਅਫ਼ਸਰ ਥਾਣਾ/ਚੌਕੀਆਂ, ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀ ਕਿਰਪਾ ਪ੍ਰਾਪਤ ਕਰਨ ਲਈ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ | ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਜੀਵਨ ਤੋਂ ਸਿੱਖਣ ਲਈ ਸਾਰੀ ਹਾਜ਼ਰ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ | ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਧਰਮ ਅਤੇ ਸੱਚ ਦੇ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਸਾਰੇ ਗਜਟਿਡ ਅਧਿਕਾਰੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਨੂੰ ਸਚਾਈ, ਇਨਸਾਫ, ਸੇਵਾ ਤੇ ਨਿਮਰਤਾ ਦਾ ਪਾਠ ਪੜ੍ਹਾਉਂਦੇ ਹਨ | ਗੁਰੂ ਸਾਹਿਬ ਦੀ ਬਾਣੀ ਸਾਨੂੰ ਜੀਵਨ ਵਿਚ ਨੇਕੀ ਤੇ ਸੇਵਾ ਦਾ ਮਾਰਗ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਅੱਜ ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਐੱਮ.ਡੀ. ਐੱਮ.ਪੀ. ਸੇਠੀ ਨੇ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸੱਚਾ-ਸੁੱਚਾ ਸਾਦਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਪਿ੍ੰਸੀਪਲ ਰਾਧਾ ਸੇਠੀ ਨੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਪ੍ਰਸ਼ਨ/ਉੱਤਰ ਮੁਕਾਬਲਾ ਕਰਵਾਇਆ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਰਿਹਾ |
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਫ਼ਰੀਦਕੋਟ, (ਸਟਾਫ਼ ਰਿਪੋਰਟਰ)-ਗੁਰਦੁਆਰਾ ਸਾਹਿਬਜਾਦਾ ਬਾਬਾ ਫ਼ਤਿਹ ਸਿੰਘ ਜੀ ਸੁੰਦਰ ਨਗਰ (ਫ਼ਰੀਦਕੋਟ) ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਪ੍ਰਕਾਸ਼ ਕਰਵਾਏ, ਬਾਣੀ ਦੇ ਪ੍ਰਵਾਹ ਦੇ ਅੱਜ ਭੋਗ ਪਾਏ ਗਏ ਅਤੇ ਨਗਰ ਦੀ ਸੁੱਖ-ਸ਼ਾਂਤੀ ਲਈ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਹਾਜ਼ਰ ਸੰਗਤ ਨੂੰ ਵਧਾਈਆਂ ਦੇ ਕੇ ਗੁਰੂ ਜੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਕਥਾ ਵਾਚਕ ਭਾਈ ਬਲਜਿੰਦਰ ਸਿੰਘ ਮੱਲੇਵਾਲਾ ਨੇ ਗੁਰਬਾਣੀ ਅਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਜੀਵਨ ਅਤੇ ਫ਼ਲਫ਼ਸੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਕਿਰਤ ਕਰਨ, ਨਾਮ ਜਾਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਨਿੱਕੇ ਬੱਚਿਆਂ ਸੁਖਮਨ ਕੌਰ, ਦਿਲਪ੍ਰੀਤ ਕੌਰ, ਜਗਜੀਵਨ ਕੌਰ, ਰੁਪਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਕੁਲਵੰਤ ਸਿੰਘ ਮੁੱਖ ਪ੍ਰਬੰਧਕ, ਸੁਖਵਿੰਦਰ ਸਿੰਘ ਜਨਰਲ ਸਕੱਤਰ, ਜਗਸੀਰ ਸਿੰਘ ਮੈਂਬਰ ਪੰਚਾਇਤ, ਠੇਕੇਦਾਰ ਬਲਬੀਰ ਸਿੰਘ, ਸਤੀਸ਼ ਕੁਮਾਰ, ਸਵਰਨ ਸਿੰਘ, ਮਲਕੀਤ ਸਿੰਘ, ਬਾਬਾ ਅਜੀਤ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ, ਰਾਜਾ ਸਿੰਘ, ਮਨਦੀਪ ਸਿੰਘ, ਸਾਧੂ ਸਿੰਘ, ਲਾਡੀ ਅਰੋੜਾ, ਸੂਰਜ, ਜਗਤਾਰ ਸਿੰਘ, ਗੁਲਜਾਰ ਸਿੰਘ, ਰੇਸ਼ਮ ਸਿੰਘ, ਆਕਾਸ਼ਦੀਪ ਸਿੰਘ, ਰਵਿੰਦਰ ਸਿੰਘ ਰਵੀ, ਸੁਖਵਿੰਦਰ ਸਿੰਘ ਸੁੱਖਾ, ਹੁਸ਼ਿਆਰ ਸਿੰਘ, ਪਰਮਜੀਤ ਸਿੰਘ, ਬੀਬੀ ਅਮਰਜੀਤ ਕੌਰ, ਭਾਈ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਗੁਰਦੁਆਰਾ ਬਲਬੀਰ ਐਵੀਨਿਊ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਸ਼ਹਿਰ ਦੇ ਵੱਖ ਵੱਖ ਹਿੱਸਿਆਂ 'ਚੋਂ ਗੁਜ਼ਰਿਆ ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਨਾਲ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਜੋ ਬਾਣੀ ਦਾ ਜਾਪ ਕਰਦੇ ਹੋਏ ਅੱਗੇ ਵੱਧ ਰਹੇ ਸਨ | ਇਸ ਮੌਕੇ ਸੰਗਤਾਂ ਵਲੋਂ ਥਾਂ ਥਾਂ ਨਗਰ ਕੀਰਤਨ ਦੇ ਸਵਾਗਤ ਲਈ ਲੰਗਰ ਲਗਾਏ ਗਏ ਸਨ | ਇਸ ਮੌਕੇ ਗੁਰਦੁਆਰਾ ਵਿਸ਼ਵਕਰਮਾ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ ਨੇ ਕਿਹਾ ਕਿ ਅੱਜ ਪੂਰੇ ਸੰਸਾਰ 'ਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਨਾਨਕ ਜੀ ਨੇ ਕਿਰਤ ਕਰੋ ਵੰਡ ਛਕੋ ਦਾ ਸੰਦੇਸ਼ ਦਿੱਤਾ ਉਸ ਨੂੰ ਹਰ ਇਕ ਵਿਅਕਤੀ ਨੂੰ ਆਪਣੇ ਜੀਵਨ 'ਚ ਅਪਨਾਉਣ ਦੀ ਲੋੜ ਹੈ |
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸਾਦਿਕ, (ਆਰ.ਐਸ.ਧੁੰਨਾ)-ਮਾਨਵਤਾ ਦੀ ਭਲਾਈ ਲਈ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ਦਾ ਕੁਲ ਲੋਕਾਈ ਨੂੰ ਸੰਦੇਸ਼ ਦੇਣ ਵਾਲੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਬਾੜੀ ਸਾਦਿਕ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਅੰਖਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਅਸਥਾਨ ਦੀ ਕਾਰ ਸੇਵਾ ਕਰਵਾ ਰਹੇ ਬਾਬਾ ਕਾਰਜ ਸਿੰਘ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਬਰਗਾੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਇਆ
ਬਰਗਾੜੀ, (ਸੁਖਰਾਜ ਸਿੰਘ ਗੋਂਦਾਰਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਅਵਤਾਰ ਦਿਹਾੜਾ ਬੜੀ ਹੀ ਸ਼ਰਧਾਂ ਤੇ ਉਤਸਾਹ ਨਾਲ ਮਨਾਇਆਂ ਗਿਆ | ਗੁਰੂ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਅਤੇ ਲਗਾਤਾਰ ਤਿੰਨ ਦਿਨ ਚਲੇ ਬਾਣੀ ਦੇ ਪ੍ਰਵਾਹ ਦੇ ਅੱਜ ਭੋਗ ਪਾਏ ਗਏ ਅਤੇ ਨਗਰ ਦੀ ਸੁਖ-ਸ਼ਾਂਤੀ ਲਈ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬੁੱਧ ਸਿੰਘ ਨੇ ਹਾਜ਼ਰ ਸੰਗਤ ਨੂੰ ਵਧਾਈਆਂ ਦੇ ਕਿ ਗੁਰੂ ਜੀ ਦੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ, ਗੁਰਬਾਣੀ ਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਜੀਵਨ ਦੇ ਫ਼ਲਫ਼ਸੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਕਿਰਤ ਕਰਨ, ਨਾਮ ਜਾਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਜਲੇਬੀਆਂ, ਬਰੈਡ, ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਖਜੰਤ ਸਿੰਘ ਸਦਿਓੁੜਾ, ਡਾ. ਬਲਵਿੰਦਰ ਸਿੰਘ ਸਿਵੀਆਂ, ਗਗਨਵੀਰ ਸਿੰਘ ਕੈਨੇਡਾ, ਕੁਲਦੀਪ ਸ਼ਰਮਾ, ਨਾਇਬ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਮੈਨੇਜਰ ਕੁਲਵਿੰਦਰ ਸਿੰਘ, ਅਮਰ ਸਿੰਘ ਖਾਲਸਾ, ਹੈਪੀ ਸਿਵੀਆਂ, ਸੁਖਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਸਿਲਵਰ ਓਕਸ ਸਕੂਲ ਸੇਵੇਵਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ | ਮੂਲ ਮੰਤਰ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ, ਜੋ ਖੁਸ਼ਹਾਲ ਜੀਵਨ ਜਿਊਣ ਦਾ ਸੰਦੇਸ਼ ਦਿੰਦੀਆਂ ਹਨ, ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਰੂਹਾਨੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਸਕੂਲ ਵਿਚ ਸੁਖਮਨੀ ਸਾਹਿਬ ਦਾ ਪਵਿੱਤਰ ਪਾਠ ਕੀਤਾ ਗਿਆ, ਜੋ ਸ਼ਰਧਾ ਭਾਵਨਾ ਨਾਲ ਸੰਪੂਰਨ ਹੋਇਆ | ਸਕੂਲ ਸਟਾਫ ਨੇ ਪੂਰੇ ਧਿਆਨ ਨਾਲ ਗੁਰਬਾਣੀ ਦਾ ਪਾਠ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ | ਸਕੂਲ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਵੀ ਸਾਰਿਆਂ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸੱਚਾਈ, ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ, ਜੋ ਕਿ ਨਿਮਰਤਾ ਦਾ ਪੁੰਜ ਸਨ ਤੋਂ ਸਾਨੂੰ ਵੀ ਨਿਮਰ ਬਣਨਾ ਅਤੇ ਆਪਸ ਵਿਚ ਭਾਈਚਾਰਾ ਬਣਾਈ ਰੱਖਣਾ ਸਿੱਖਣਾ ਚਾਹੀਦਾ ਹੈ |
ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬਰਗਾੜੀ, (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾਕੇ ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦਾ ਭੋਗ ਪਾਇਆ ਗਿਆ ਅਤੇ ਬੱਚਿਆਂ ਵਲੋਂ ਸੁੰਦਰ ਸ਼ਬਦ ਗਾਇਨ ਨਾਲ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਨਿਹਾਲ ਕੀਤਾ ਗਿਆ | ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ ਅਤੇ ਪਿੰ੍ਰਸੀਪਲ ਯਸ਼ੂ ਧਿੰਗੜਾ ਨੇ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਉਨ੍ਹਾਂ ਸਮੂਹ ਬੱਚਿਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਸਾਨੂੰ ਬਾਬਾ ਨਾਨਕ ਜੀ ਦੇ ਉਪਦੇਸ਼ਾਂ 'ਤੇ ਚੱਲ ਕੇ ਆਪਣੇ ਆਪ ਅਤੇ ਸਮਾਜ ਵਿਚ ਹੋਰ ਸੁਧਾਰ ਕਰਨ ਦੀ ਲੋੜ ਹੈ | ਇਸ ਮੌਕੇ ਸਕੂਲੀ ਬੱਚਿਆਂ ਦੇ ਬਾਬਾ ਨਾਨਕ ਜੀ ਨਾਲ ਸਬੰਧਿਤ ਭਾਸਣਾਂ, ਗੀਤਾਂ, ਕਵੀਸ਼ਰੀਆਂ, ਲੇਖ ਲਿਖਣ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਸਮੂਹ ਬੱਚਿਆਂ ਨੇ ਕੇਸਰੀ ਰੰਗ ਦਾ ਪਹਿਰਾਵਾ ਪਹਿਨਿਆ ਹੋਇਆ ਸੀ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਬੱਚਿਆਂ ਅਤੇ ਸਟਾਫ਼ ਆਦਿ ਲਈ ਪਕੌੜੇ ਜਲੇਬੀਆਂ ਤੋਂ ਇਲਾਵਾ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਝੱਬਰ ਦਾ ਸਿੱਖ ਸੰਗਤ ਵਲੋਂ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਪ੍ਰੇਰਨਾਸਰੋਤ-ਵਿਧਾਇਕ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।