ਜੌੜਕੀਆਂ, 18 ਜੂਨ (ਲਕਵਿੰਦਰ ਸ਼ਰਮਾ)- ਥਾਣਾ ਜੌੜਕੀਆਂ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਦਾਅਵਾ ਥਾਣਾ ਮੁਖੀ ਗੁਰਪਾਲ ਸਿੰਘ ਰੰਧਾਵਾ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਨਿਰਦੇਸ਼ਾਂ 'ਤੇ ਇਲਾਕੇ 'ਚ ਨਾਕਾਬੰਦੀ ਕਰ ਕੇ ਹਰ ਵਹੀਕਲ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਥਾਣੇ ਦੇ ਪਿੰਡਾਂ ਨਾਲ ਗੁਆਂਢੀ ਰਾਜ ਹਰਿਆਣਾ ਦੀ ਹੱਦ ਲੱਗਦੀ ਹੈ ਅਤੇ ਕਈ ਵਾਰੀ ਨਸ਼ਾ ਤਸਕਰ ਇਸ ਦਾ ਫ਼ਾਇਦਾ ਚੁੱਕ ਜਾਂਦੇ ਹਨ, ਜਿਸ ਕਰ ਕੇ ਅਣਦੱਸੀਆਂ ਥਾਵਾਂ 'ਤੇ ਨਾਕੇ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ/ਤਸਕਰਾਂ ਦੀ ਸੂਹ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ |