ਮਾਨਸਾ, 21 ਜੂਨ (ਸ.ਰਿ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਮੀਨ ਬਚਾਓ ਸੰਘਰਸ਼ ਕਮੇਟੀ ਠੂਠਿਆਂਵਾਲੀ ਵਲੋਂ 26 ਜੂਨ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਲਗਾਏ ਜਾ ਰਹੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਵਿੱਤ ਸਕੱਤਰ ਭੋਲਾ ਸਿੰਘ ਮਾਖਾ ਤੇ ਬਲਾਕ ਮਾਨਸਾ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਦੇ ਕਿਸਾਨਾਂ ਦੀ 212 ਏਕੜ ਜ਼ਮੀਨ ਗ੍ਰਹਿਣ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਜਿਹੀਆਂ ਨੀਤੀਆਂ ਲਿਆ ਕੇ ਕਿਸਾਨੀ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ, ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |