ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਰੀਦ ਕੇਂਦਰਾਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਖਰੀਦ ਸਮੇਂ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਕੀਤੀ ਗਈ ਹੈ, ਇਸ ਲਈ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲਿਆਂਦਾ ਜਾਵੇ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ | ਉਨ੍ਹਾਂ ਦੁਹਰਾਇਆ ਕਿ ਸਰਕਾਰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦੇ ਹਰੇਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕੀਤੀ ਜਾਵੇ ਤਾਂ ਜੋ ਫ਼ਸਲ ਵਿਚ ਨਮੀ ਦੀ ਮਾਤਰਾ ਨਾ ਵਧੇ | ਇਸ ਤੋਂ ਇਲਾਵਾ, ਕੰਬਾਈਨ ਹਾਰਵੈਸਟਰਾਂ 'ਤੇ ਸੁਪਰ ਐਸ.ਐਮ.ਐਸ ਦੀ ਵਰਤੋਂ ਲਾਜ਼ਮੀ ਹੋਣੀ ਚਾਹੀਦੀ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹੇ ਵਿਚ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ ਤੋਂ ਬਿਨਾਂ ਨਹੀਂ ਚੱਲ ਸਕੇਗੀ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਵੀ ਕਿਹਾ |