ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਡਾ. ਹਰਵਿੰਦਰ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਲਾਕ ਭੀਖੀ ਦੇ ਮੁੱਖ ਅਫ਼ਸਰ ਸਨ | ਉਹ ਸਾਲ 2000 'ਚ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਭਰਤੀ ਹੋਏ ਸਨ ਅਤੇ ਉਨ੍ਹਾਂ ਪਿਛਲੇ 25 ਵਰਿ੍ਹਆਂ ਦੌਰਾਨ ਵੱਖ-ਵੱਖ ਜ਼ਿਲਿ੍ਹਆਂ 'ਚ ਆਪਣੀਆਂ ਸੇਵਾਵਾਂ ਦਿੱਤੀਆਂ | ਕਾਬਲੇ ਗੌਰ ਰਹੇ ਉਹ ਪਹਿਲਾਂ ਵੀ ਕਾਰਜਕਾਰੀ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਮਾਨਸਾ ਵਿਖੇ ਤਾਇਨਾਤ ਰਹੇ ਹਨ | ਸਾਹਿਤਕ ਤੇ ਕਲਾਤਮਿਕ ਮਸ ਰੱਖਣ ਵਾਲੇ ਸ. ਸਿੱਧੂ ਸ਼ਹਿਰ ਦੀਆਂ ਕਈ ਸੰਸਥਾਵਾਂ 'ਚ ਸਰਗਰਮ ਹਨ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੰਜਾਬ ਸਰਕਾਰ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਸਪਸ਼ਟ ਕਿਹਾ ਕਿ ਗੈਰ ਮਿਆਰੀ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਿੱਕਰੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਵਿਭਾਗ ਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰਨ | ਖੇਤੀਬਾੜੀ ਦਫ਼ਤਰ ਵਿਖੇ ਮਹਿਕਮੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |