ਬੁਢਲਾਡਾ, 17 ਅਕਤੂਬਰ (ਸੁਨੀਲ ਮਨਚੰਦਾ)- ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਲਈ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਹਲਕੇ ਦੇ 7 ਪਿੰਡਾਂ ਦੇ 123 ਕਿਸਾਨਾਂ ਨੂੰ 36 ਲੱਖ 39 ਹਜ਼ਾਰ 376 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ | ਉਨ੍ਹਾਂ ਦੱਸਿਆ ਕਿ ਪਿੰਡ ਗੋਬਿੰਦਪੁਰਾ, ਹਾਕਮਵਾਲਾ, ਦੋਦੜਾ, ਅਕਬਰਪੁਰ ਖੁਡਾਲ, ਕੱੁਲਰੀਆਂ-2, ਭਖੜਿਆਲ ਅਤੇ ਰੱਲੀ ਦੇ ਕਿਸਾਨਾਂ ਨੂੰ ਪੱਤਰ ਸੌਂਪਦਿਆਂ ਕਿਹਾ ਕਿ ਕਿਸਾਨ ਦੀ ਆਮਦਨ ਖੇਤੀ 'ਤੇ ਨਿਰਭਰ ਕਰਦੀ ਹੈ ਪਰ ਜਦੋਂ ਫਸਲ ਖ਼ਰਾਬ ਹੋ ਜਾਵੇ ਤਾਂ ਕਿਸਾਨ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤਿਉਹਾਰ ਦੇ ਸੀਜ਼ਨ ਦੌਰਾਨ ਹਰ ਕਿਸੇ ਨੂੰ ਪੈਸੇ ਦੀ ਜ਼ਰੂਰਤ ਹੁੰਦੀ ਹੈ ਤੇ ਪੰਜਾਬ ਸਰਕਾਰ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਬਹੁਤ ਵਧੀਆ ਉੱਦਮ ਹੈ | ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਤੋਂ ਇਲਾਵਾ ਕਿਸਾਨ ਮੌਜੂਦ ਸਨ |