ਸਰਦੂਲਗੜ੍ਹ, 22 ਅਕਤੂਬਰ (ਜੀ.ਐਮ.ਅਰੋੜਾ)- ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਵਰਤੋਂ ਕਰਕੇ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ | ਇਹ ਪ੍ਰਗਟਾਵਾ ਡਾ. ਅਜੀਤਪਾਲ ਸਿੰਘ ਚਹਿਲ ਐਸ.ਡੀ.ਐਮ. ਸਰਦੂਲਗੜ੍ਹ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਹਿਲਾਂ ਹੀ ਸਹਿਕਾਰੀ ਸਭਾਵਾਂ ਤੋਂ ਇਲਾਵਾ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਦਿੱਤੀਆਂ ਗਈਆਂ ਹਨ, ਦੀ ਵਰਤੋਂ ਕਰਨੀ ਚਾਹੀਦੀ ਹੈ | ਐਸ.ਡੀ.ਐਮ. ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਸਬ ਡਵੀਜ਼ਨ ਦੇ ਪਿੰਡ ਆਹਲੂਪੁਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਇਆ ਸੀ, ਸਬੰਧਿਤ ਕਿਸਾਨ ਖ਼ਿਲਾਫ਼ ਕਾਰਵਾਈ ਕਰਕੇ ਜੁਰਮਾਨਾ ਵੀ ਕੀਤਾ ਗਿਆ ਹੈ | ਉਨ੍ਹਾਂ ਸਪਸ਼ਟ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |