15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਜਾਰੀ

ਅਜੀਤ ਡੈਸਕ 05-11-2025

ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹੇ ਦੇ ਸ਼ਹਿਰਾਂ/ਪਿੰਡਾਂ 'ਚ ਧਾਰਮਿਕ ਸਮਾਗਮ ਜਾਰੀ ਹਨ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਘਰਾਂ 'ਚ ਮਨਮੋਹਕ ਸਜਾਵਟ ਕੀਤੀ ਹੋਈ ਸੀ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸਥਾਨਕ ਗੁਰਦੁਆਰਾ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਆਲੋਕਿਕ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਨਗੀਨਾ ਮੱਲ ਧਰਮਸ਼ਾਲਾ, ਭਗਤ ਸਿੰਘ ਚੌਕ, ਚੁੰਗਲੀ ਘਰ, ਪਿੰਡ ਵਾਲੀ ਸੜਕ, ਸ੍ਰੀ ਰਵੀਦਾਸ ਮੰਦਰ, ਵਨ-ਵੇ-ਟਰੈਫਿਕ ਰੋਡ, ਤਿੰਨਕੋਨੀ ਰੋਡ, ਬੱਸ ਸਟੈਂਡ ਰੋਡ, ਸਿਨੇਮਾ ਰੋਡ, ਭਗਤ ਨਾਮ ਦੇਵ ਭਵਨ, ਮੱਲਿਆ ਦੇ ਕੋਠੇ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚਿਆ। ਹਜ਼ੂਰੀ ਰਾਗੀ ਰਾਜਿੰਦਰ ਸਿੰਘ ਦੇ ਜਥੇ ਵਲੋਂ ਗੁਰ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ। ਮਾਨਸਾ ਸ਼ਹਿਰ 'ਚ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਜਸਵੀਰ ਸਿੰਘ ਖ਼ਾਲਸਾ, ਭਾਈ ਬੀਰਬਲ ਸਿੰਘ, ਹੈੱਡ ਗ੍ਰੰਥੀ ਗੁਰਟੇਕ ਸਿੰਘ, ਤੇਜਿੰਦਰ ਸਿੰਘ ਟੀਟੂ, ਇੰਦਰਜੀਤ ਸਿੰਘ ਮੁਨਸ਼ੀ, ਐਡਵੋਕੇਟ ਭੁਪਿੰਦਰ ਸਿੰਘ, ਹਾਰਪਾਲ ਸਿੰਘ ਪਾਲੀ ਸਾਬਕਾ ਐਮ.ਸੀ., ਤਰਸੇਮ ਚੰਦ ਮਿੱਢਾ ਆਦਿ ਹਾਜ਼ਰ ਸਨ।
ਪਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ, ਕਿਰਨਜੀਤ ਕੌਰ ਸਿੱਧੂ, ਸੁਖਵਿੰਦਰ ਸਿੰਘ, ਜੁਗਰਾਜ ਸਿੰਘ, ਹੰਸ ਰਾਜ, ਪਰਮਪ੍ਰੀਤ ਸਿੰਘ, ਕਰਮਦੀਪ ਕੌਰ ਆਦਿ ਹਾਜ਼ਰ ਸਨ।
ਕੋਟਧਰਮੂ ਸਕੂਲ 'ਚ ਗੁਰਮਤਿ ਸਮਾਗਮ ਕਰਵਾਇਆ
ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਅਜੋਕੀ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਨੂੰ ਖ਼ਤਮ ਕਰਨ 'ਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਬੱਬੂਜੀਤ ਕੌਰ, ਈਨਾ ਪਾਲ, ਰਮਨਜੀਤ ਕੌਰ, ਰਣਜੀਤ ਕੌਰ , ਪਰਮਜੀਤ ਕੌਰ, ਕਰਨਦੀਪ ਸਿੰਘ, ਸਮਰਜੀਤ ਸਿੰਘ ਆਦਿ ਹਾਜ਼ਰ ਸਨ।
ਉੱਭਾ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ
ਜੋਗਾ ਤੋਂ ਹਰਜਿੰਦਰ ਸਿੰਘ ਚਹਿਲ ਅਨੁਸਾਰ- ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ, ਕਵੀਸ਼ਰੀ, ਭਾਸ਼ਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਸੋਹਣੀਆਂ-ਸੋਹਣੀਆਂ ਦਸਤਾਰਾਂ ਸਜਾਈਆਂ ਗਈਆਂ । ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਸ਼ਰਧਾ ਨਾਲ ਜਪੁਜੀ ਸਾਹਿਬ ਦਾ ਪਾਠ ਕੀਤਾ। ਗੁਰਮਤਿ ਅਧਿਆਪਕ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਬਿਰਜ ਲਾਲ ਤੇ ਚੇਅਰਮੈਨ ਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸਨਾਵਰ ਸਮਾਰਟ ਸਕੂਲ ਭੁਪਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਸਨਾਵਰ ਸਮਾਰਟਸਕੂਲ ਭੁਪਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਬੜੀ ਹੀ ਸ਼ਰਧਾ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਤੋਂ ਕੀਤੀ ਗਈ। ਵਿਦਿਆਰਥੀਆਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਬੜਾ ਹੀ ਰਸਭਿੰਨਾ ਸ਼ਬਦ ਕੀਰਤਨ, ਧਾਰਮਿਕ ਗੀਤ, ਕਵੀਸ਼ਰੀ, ਕਵਿਤਾਵਾਂ ਅਤੇ ਭਾਸ਼ਣ ਮੁਕਾਬਲਿਆਂ ਰਾਹੀਂ ਆਪਣੀ ਹਾਜ਼ਰੀ ਲਗਵਾਈ ਗਈ। ਪ੍ਰਬੰਧਕੀ ਕਮੇਟੀ ਚੇਅਰਮੈਨ ਸੰਦੀਪ ਸਿੰਘ ਮਾਨ ਅਤੇ ਫਾਈਨਾਂਸ ਡਾਇਰੈਕਟਰ ਗੁਰਜੰਟ ਸਿੰਘ ਸਿੱਧੂ। ਪ੍ਰਿੰਸੀਪਲ ਬਲਜੀਤ ਸਿੰਘ ਸਿੱਧੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮਹੱਤਤਾ ਬਾਰੇ ਦੱਸਿਆ
ਭੀਖੀ ਦੇ ਵੱਖ-ਵੱਖ ਸਕੂਲਾਂ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਭੀਖੀ ਦੇ ਵੱਖ ਵੱਖ ਸਕੂਲਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼ਬਦ ਕੀਰਤਨ ਦੇ ਨਾਲ ਨਾਲ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਸਕੂਲ ਪ੍ਰਿੰਸੀਪਲ ਅਮਨਦੀਪ ਦੌਹਦਰੀਆ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ। ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸ਼ਬਦ ਗਾਇਨ ਕੀਤੇ ਗਏ। ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸੰਬੰਧਿਤ ਬੱਚਿਆਂ ਦੇ ਪ੍ਰਸ਼ਨਮੰਚ, ਨਿਬੰਧ - ਲੇਖਣ ਆਦਿ ਮੁਕਾਬਲੇ ਕਰਵਾਏ ਗਏ। ਸ਼ਿਸ਼ੂ ਵਾਟਿਕਾ ਦੇ ਬੱਚੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਨਤਮਸਤਕ ਵੀ ਹੋਏ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਇਸ ਗੁਰਪੁਰਬ ਦੀ ਵਧਾਈ ਦਿੱਤੀ।
ਪੁਲਿਸ ਪ੍ਰਸ਼ਾਸਨ ਵਲੋਂ ਸਹਿਯੋਗ ਨਾ ਦੇਣ ਦਾ ਸੰਗਤਾਂ 'ਚ ਰੋਸ
ਮਾਨਸਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵੱਲੋਂ ਸਜਾਏ ਗਏ ਨਗਰ ਕੀਰਤਨ ਮੌਕੇ ਸ਼ਹਿਰੀ ਤੇ ਟਰੈਫ਼ਿਕ ਪੁਲਿਸ ਵਲੋਂ ਸਹਿਯੋਗ ਨਾ ਕਰਨ ਦਾ ਸਿੱਖ ਸੰਗਤਾਂ 'ਚ ਰੋਸ ਹੈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ, ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੁਨਸ਼ੀ, ਮੈਂਬਰ ਬਲਬੀਰ ਸਿੰਘ ਔਲਖ, ਜਸਵੀਰ ਸਿੰਘ ਨੇ ਦੱਸਿਆ ਕਿ ਕਮੇਟੀ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਰੂਪ ਤੇ ਨਗਰ ਕੀਰਤਨ ਦੇ ਰੂਟ ਦੀ ਜਾਣਕਾਰੀ ਦਿੱਤੀ ਗਈ ਸੀ। ਉਸ ਦੇ ਬਾਵਜੂਦ ਪੁਲਿਸ ਵੱਲੋਂ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ ਗਈ, ਜਿਸ ਕਰਕੇ ਟਰੈਫ਼ਿਕ ਦੇ ਚੱਲਦਿਆਂ ਨਗਰ ਕੀਰਤਨ ਮੌਕੇ ਬਹੁਤ ਦਿੱਕਤਾਂ ਪੇਸ਼ ਆਈਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਕ ਰੋਡ ਸ਼ੋਅ ਜਾਂ ਰੈਲੀ ਹੁੰਦੀ ਤਾਂ ਸਮੁੱਚੀ ਪੁਲਿਸ ਪੱਬਾਂ ਭਾਰ ਹੁੰਦੀ ਹੈ ਅਤੇ ਮਨੁੱਖਤਾ ਦੇ ਸਾਂਝੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ 'ਚ ਕੀਤੇ ਜਾ ਰਹੇ ਸਮਾਗਮਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

ਪਿਛਲੀ ਖ਼ਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਖੇਤਰੀ ਯੁਵਕ ਮੇਲੇ 'ਚ ਭੀਖੀ ਕਾਲਜ ਦਾ ਵਿਦਿਆਰਥੀ ਮੋਹਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।