ਕਪੂਰਥਲਾ, 16 ਜੂਨ (ਵਿ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਯੂਨੀਅਨ ਨਾਲ ਸਬੰਧਿਤ ਮਜ਼ਦੂਰਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਸਮੇਤ ਜੇਲ੍ਹ ਵਿਚ ਬੰਦ 13 ਦਲਿਤ ਬੇਜ਼ਮੀਨੇ ਲੋਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਜਵਾਲਾਪੁਰ ਵਿਚ ਪੰਜਾਬ ਦੇ ਮੁੱਖ ਮੰਤਰੀ ਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਸੰਗਰੂਰ ਪੁਲਿਸ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਤੇ ਦਲਿਤ ਬੇਜ਼ਮੀਨੇ ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸੇ ਮਾਮਲੇ ਨੂੰ ਲੈ ਕੇ ਬੀਤੀ 2 ਜੂਨ ਨੂੰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਰੋਸ ਮੁਜ਼ਾਹਰੇ ਕੀਤੇ ਗਏ ਸਨ ਤੇ ਇਸੇ ਦੌਰਾਨ ਹੀ ਸੰਗਰੂਰ ਪ੍ਰਸ਼ਾਸਨ ਨੇ ਯੂਨੀਅਨ ਆਗੂਆਂ ਦੀ ਮੀਟਿੰਗ ਬੁਲਾ ਕੇ ਇਕ ਫ਼ੈਸਲਾ ਲਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨਾਲ 18 ਜੂਨ ਨੂੰ 3 ਮੰਤਰੀਆਂ ਦਾ ਪੈਨਲ ਮੀਟਿੰਗ ਕਰੇਗਾ ਤੇ ਗੱਲਬਾਤ ਤੋਂ ਪਹਿਲਾਂ ਪਿੰਡ ਸ਼ਾਦਾਹਰੀ ਦੇ ਜੇਲ੍ਹ 'ਚ ਬੰਦ ਮਜ਼ਦੂਰਾਂ ਨੂੰ ਦੋ ਤਿੰਨ ਦਿਨਾਂ ਵਿਚ ਰਿਹਾਅ ਕਰ ਦਿੱਤਾ ਜਾਵੇਗਾ, ਪਰ ਹੁਣ ਕਈ ਦਿਨ ਬੀਤਣ ਦੇ ਬਾਵਜੂਦ ਵੀ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ ਤੇ ਅਜੇ ਤੱਕ ਮਜ਼ਦੂਰਾਂ ਨੂੰ ਰਿਹਾਅ ਨਹੀਂ ਕੀਤਾ ਗਿਆ | ਉਨ੍ਹਾਂ ਸਰਕਾਰ ਨੂੰ ਕਿਹਾ ਕਿ ਯੂਨੀਅਨ ਆਗੂਆਂ ਨਾਲ ਕੀਤੇ ਵਾਅਦੇ ਅਨੁਸਾਰ ਜੇਲ੍ਹ ਵਿਚ ਬੰਦ ਮਜ਼ਦੂਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਰਾਣਾ ਜਵਾਲਾਪੁਰ, ਡਾ. ਮਲਕੀਤ ਸਿੰਘ, ਗੁਰਦੇਵ ਚੌਹਾਨ, ਹਰਬਿਲਾਸ ਆਦਿ ਹਾਜ਼ਰ ਸਨ |
ਪੇਂਡੂ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ
ਅਜੀਤ ਡੈਸਕ
17-06-2025