ਕਪੂਰਥਲਾ, 16 ਜੂਨ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੁਡਾਓ ਕੇਂਦਰ 'ਚ ਇਲਾਜ ਕਰਵਾ ਰਹੇ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ ਨਵਜੀਵਨ ਕੇਂਦਰ ਸਿਵਲ ਹਸਪਤਾਲ ਕਪੂਰਥਲਾ 'ਚ 12 ਰੋਜ਼ਾ ਸਕਿੱਲ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਰਵਾਏ ਇਕ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਦੇ ਸਮਰੱਥ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮੰਤਵ ਹੈ ਤਾਂ ਜੋ ਉਹ ਸਨਮਾਨ ਦੀ ਜ਼ਿੰਦਗੀ ਬਤੀਤ ਕਰਦੇ ਹੋਏ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਬਿਊਰੋ ਤੇ ਆਰ.ਸੇਟੀ (ਰੂਰਲ ਸੈਲਫ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ) ਵਲੋਂ ਮਿਲ ਕੇ ਨਵਜੀਵਨ ਕੇਂਦਰ 'ਚ 12 ਰੋਜ਼ਾ ਫਾਸਟ ਫੂਡ ਬਣਾਉਣ ਦਾ ਕੋਰਸ ਕਰਵਾਇਆ ਜਾਵੇਗਾ ਤੇ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਮੁਕੰਮਲ ਇਲਾਜ ਤੋਂ ਬਾਅਦ ਉਨ੍ਹਾਂ ਦਾ ਸਵੈ ਰੁਜ਼ਗਾਰ ਸਥਾਪਤ ਕਰਨ ਵਿਚ ਸਹਾਇਤਾ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਲੋੜ ਅਨੁਸਾਰ ਨਵਜੀਵਨ ਕੇਂਦਰ ਵਿਚ ਹੋਰ ਵੀ ਕਿੱਤਾ ਮੁਖੀ ਕੋਰਸ ਸ਼ੁਰੂ ਕੀਤੇ ਜਾਣਗੇ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਨਵਜੀਵਨ ਕੇਂਦਰ ਵਿਚ ਦਾਖ਼ਲ ਪੀੜਤ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਡਿਪਟੀ ਕਮਿਸ਼ਨਰ ਨੇ ਪੀੜਤਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਲਾਜ ਤੋਂ ਬਾਅਦ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਗੌਰਵ ਤੂਰਾ ਐਸ.ਐਸ.ਪੀ. ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ | ਸਮਾਗਮ ਵਿਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਡਾ. ਰਾਜਨ ਸ਼ਰਮਾ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਡਾ. ਵਰੁਣ ਜੋਸ਼ੀ ਤੇ ਡਾਇਰੈਕਟਰ ਆਰ.ਸੇਟੀ ਪਰਵੇਸ਼ ਚੱਢਾ ਨੇ ਦੱਸਿਆ ਕਿ ਲਘੂ ਉਦਯੋਗ ਤਹਿਤ ਨਾਮਵਰ ਭੋਜਨ ਮਾਹਿਰਾਂ ਵਲੋਂ ਫਾਸਟ ਫੂਡ ਦੀਆਂ ਵੱਖ-ਵੱਖ ਡਿਸ਼ਾਂ ਤਿਆਰ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮਾਰਕੀਟਿੰਗ ਬਾਰੇ ਵੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਸਿਵਲ ਸਰਜਨ ਡਾ. ਹਰਪਾਲ ਸਿੰਘ ਤੋਂ ਇਲਾਵਾ ਨਵਜੀਵਨ ਕੇਂਦਰ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |