ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੀ.ਆਰ.ਟੀ.ਸੀ. ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਅਜੇ ਤੱਕ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੇ ਪ੍ਰਧਾਨ ਸਤਨਾਮ ਸਿੰਘ ਤੇ ਜਨਰਲ ਸਕੱਤਰ ਨਵਦੀਪ ਸਿੰਘ ਦੀ ਅਗਵਾਈ ਵਿਚ ਕਪੂਰਥਲਾ ਡੀਪੂ ਮੂਹਰੇ ਧਰਨਾ ਦਿੱਤਾ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਸਤਨਾਮ ਸਿੰਘ ਤੇ ਨਵਦੀਪ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹ ਦੀ ਅਦਾਇਗੀ 18 ਜੂਨ ਤੱਕ ਨਾ ਹੋਈ ਤਾਂ ਯੂਨੀਅਨ 19 ਜੂਨ ਨੂੰ ਸਵੇਰ ਦੇ ਸਮੇਂ ਪੀ.ਆਰ.ਟੀ.ਸੀ. ਦੇ ਡੀਪੂ ਮੁਕੰਮਲ ਬੰਦ ਕਰੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਜੂਨ ਮਹੀਨੇ ਦੇ 17 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਉਨ੍ਹਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿਚ ਨਵੀਆਂ ਬੱਸਾਂ ਪਾਉਣ ਤੇ ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਤੇ ਹੁਣ ਸਰਕਾਰ ਦੇ ਰਾਜ ਦੇ ਤਿੰਨ ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੀਆਂ ਤਨਖ਼ਾਹਾਂ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ 'ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ | ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗਿਣੇ ਮਿਥੇ ਢੰਗ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ | ਇਸ ਮੌਕੇ ਯੂਨੀਅਨ ਦੇ ਖ਼ਜ਼ਾਨਚੀ ਗੁਰਮੀਤ ਸਿੰਘ ਭੁੱਲਰ, ਗੁਰਭੇਜ ਸਿੰਘ, ਅਮਨਦੀਪ ਸਿੰਘ, ਨਰਿੰਦਰ ਕੁਮਾਰ, ਮਲਕੀਤ ਸਿੰਘ, ਤਲਜਿੰਦਰ ਸਿੰਘ ਆਦਿ ਹਾਜ਼ਰ ਸਨ |