ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ 'ਚ ਵਿਕਾਸ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਹ ਗੱਲ ਡਾ. ਰਾਜ ਕੁਮਾਰ ਚੱਬੇਵਾਲ ਮੈਂਬਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | 'ਦਿਸ਼ਾ' ਦੇ ਚੇਅਰਮੈਨ ਡਾ. ਚੱਬੇਵਾਲ ਤੇ ਕੋ-ਚੇਅਰਮੈਨ ਸੰਤ ਸੀਚੇਵਾਲ ਨੇ ਕਿਹਾ ਕਿ ਕਪੂਰਥਲਾ ਵਿਚ ਆਕਸੀਜਨ ਸੈਂਟਰ ਨੂੰ ਚਾਲੂ ਕੀਤਾ ਜਾਵੇ | ਉਨ੍ਹਾਂ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਦਾ ਮਾਮਲਾ ਪੰਜਾਬ ਸਰਕਾਰ ਕੋਲ ਉਠਾਉਣ ਸਬੰਧੀ ਵੀ ਕਿਹਾ | ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਾ. ਚੱਬੇਵਾਲ ਤੇ ਬਾਬਾ ਸੀਚੇਵਾਲ ਨੇ ਕਿਹਾ ਕਿ ਫਗਵਾੜਾ, ਕਪੂਰਥਲਾ ਤੇ ਭੁਲੱਥ ਵਿਚ ਨਵੇਂ ਖੁੱਲਣ ਵਾਲੇ ਆਮ ਆਦਮੀ ਕਲੀਨਿਕਾਂ ਦਾ ਕੰਮ ਬਹੁਤ ਜਲਦੀ ਪੂਰਾ ਕੀਤਾ ਜਾਵੇਗਾ | ਡਾ. ਚੱਬੇਵਾਲ ਤੇ ਬਾਬਾ ਸੀਚੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਰਸਾਤੀ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕਪੂਰਥਲਾ ਨੂੰ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚੁਣਿਆ ਹੈ ਤੇ ਇਸ ਪ੍ਰੋਜੈਕਟ ਤਹਿਤ 1500 ਏਕੜ ਰਕਬੇ ਵਿਚ ਬਰਸਾਤੀ ਮੱਕੀ ਬੀਜਣ ਦਾ ਟੀਚਾ ਮਿਥਿਆ ਗਿਆ, ਜਿਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹੇ ਵਿਚ 2 ਹਜ਼ਾਰ ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਯਕੀਨੀ ਬਣਾਉਣ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ | ਰਾਜ ਸਭਾ ਮੈਂਬਰ ਮੈਂਬਰ ਸੀਚੇਵਾਲ ਨੇ ਗੋਦ ਲਏ ਪਿੰਡ ਡੱਲਾ ਦੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰਾ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ | ਮੀਟਿੰਗ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਡਾ. ਚੱਬੇਵਾਲ ਵਲੋਂ 11 ਕੰਮਾਂ ਲਈ ਫ਼ੰਡ ਜਾਰੀ ਕੀਤੇ ਗਏ ਹਨ, ਜਿਸ ਵਿਚੋਂ 8 'ਤੇ ਕੰਮ ਚੱਲ ਰਿਹਾ ਹੈ ਤੇ ਰਾਜ ਸਭਾ ਮੈਂਬਰ ਰਾਜ ਸੰਤ ਸੀਚੇਵਾਲ ਵਲੋਂ 73 ਕੰਮਾਂ ਲਈ ਫ਼ੰਡ ਜਾਰੀ ਕੀਤੇ ਗਏ ਹਨ, ਜਿਸ ਵਿਚੋਂ 50 ਕੰਮ ਪੂਰੇ ਕੀਤੇ ਜਾ ਚੁੱਕੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਦਿਸ਼ਾ ਦੇ ਚੇਅਰਮੈਨ ਤੇ ਕੋ-ਚੇਅਰਮੈਨ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਸਰਕਾਰੀ ਵਿਕਾਸ ਯੋਜਨਾਵਾਂ ਤੇ ਲੋਕ ਭਲਾਈ ਸਕੀਮਾਂ ਨੂੰ ਇਨ ਬਿੰਨ ਲਾਗੂ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ, ਫਗਵਾੜਾ ਦੇ ਮੇਅਰ ਰਾਮਪਾਲ ਉੱਪਲ, ਆਪ ਦੇ ਜ਼ਿਲ੍ਹਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਫਗਵਾੜਾ ਨਗਰ ਨਿਗਮ ਦੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਨਗਰ ਨਿਗਮ ਕਪੂਰਥਲਾ ਦੀ ਕਮਿਸ਼ਨਰ ਅਨੂਪਮ ਕਲੇਰ ਆਦਿ ਹਾਜ਼ਰ ਸਨ |