ਸੁਲਤਾਨਪੁਰ ਲੋਧੀ, 31 ਅਗਸਤ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ. ਏ. ਪੀ. ਸਿਨਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਏਗੀ | ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਕਿ੍ਸ਼ਨ ਕੁਮਾਰ ਦੇ ਨਾਲ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਦੀ ਸਮੀਖਿਆ ਕਰਦੇ ਸਮੇਂ ਉਨ੍ਹਾਂ ਬਾਊਪੁਰ ਤੇ ਸਾਂਗਰਾ ਦੇ ਲੋਕਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਬਾਊਪੁਰ ਟਾਪੂ ਦੇ 16 ਪਿੰਡਾਂ ਨੂੰ ਭਵਿੱਖ ਵਿਚ ਹੜ੍ਹ ਤੋਂ ਬਚਾਉਣ ਲਈ ਸਥਾਈ ਹੱਲ ਕਰਨ ਦੇ ਗੰਭੀਰ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ, ਰਿਹਾਇਸ਼ ਤੇ ਰਾਸ਼ਨ ਮੁਹੱਈਆ ਕਰਵਾਉਣ, ਬਿਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਪਸ਼ੂ ਧਨ ਦੀ ਸਿਹਤ ਸੰਭਾਲ ਲਈ ਯਤਨ ਜੰਗੀ ਪੱਧਰ ਉਪਰ ਜਾਰੀ ਹਨ | ਮੁੱਖ ਸਕੱਤਰ ਨੇ ਬਾਊਪੁਰ ਪੁਲ ਤੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਨਾਲ ਕਿਸ਼ਤੀ ਰਾਹੀਂ ਜਾ ਕੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੁੱਖ ਸਕੱਤਰ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਪ੍ਰਭਾਵਿਤ ਇਲਾਕਿਆਂ ਬਾਰੇ ਜਾਣਕਾਰੀ ਦਿੱਤੀ |