ਸੁਲਤਾਨਪੁਰ ਲੋਧੀ, 31 ਅਗਸਤ (ਥਿੰਦ)- ਕੁਦਰਤ ਵੀ ਵਾਰ-ਵਾਰ ਪੰਜਾਬੀਆਂ ਦਾ ਇਮਤਿਹਾਨ ਲੈ ਰਹੀ ਹੈ | ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹੜ੍ਹਾਂ ਕਾਰਨ ਵੱਡੀ ਤਬਾਹੀ ਹੋ ਰਹੀ ਹੈ | ਇਸ ਮੌਕੇ ਸਾਨੂੰ ਸਾਰਿਆਂ ਨੂੰ ਇਸ ਕਰੋਪੀ ਨੂੰ ਝੱਲਦਿਆਂ ਇਨਸਾਨੀਅਤ ਦੇ ਨਾਤੇ ਪੀੜ੍ਹਤਾਂ ਦੀ ਦਿਲ ਖ਼ੋਲ ਕੇ ਮਦਦ ਕਰਨੀ ਚਾਹੀਦੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਮਰੀਕਾ ਵਿਚ ਵੱਸਦੇ ਸੀਨੀਅਰ ਆਗੂ ਪਿਆਰਾ ਸਿੰਘ ਜੈਨਪੁਰੀ ਨੇ ਕਿਹਾ ਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਕੁਦਰਤੀ ਆਫ਼ਤਾਂ, ਬਾਹਰੋਂ ਆਉਣ ਵਾਲੇ ਧਾੜਵੀਆਂ ਤੇ ਦਿੱਲੀ ਦੀਆਂ ਸਰਕਾਰਾਂ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਨੇ ਮੁਸੀਬਤ ਸਮੇਂ ਵੀ ਕਿਸੇ ਅੱਗੇ ਹੱਥ ਨਹੀਂ ਅੱਡੇ ਸਗੋਂ ਆਪਣੀ ਮਿਹਨਤ ਦੇ ਬਲਬੂਤੇ ਔਖੇ ਸਮੇਂ ਨੂੰ ਦੂਰ ਕੀਤਾ ਹੈ | ਇਸ ਮੌਕੇ ਉਨ੍ਹਾਂ ਨੇ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ, ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦਾ ਹਾਲ ਜਾਣ ਕੇ ਉਨ੍ਹਾਂ ਦੀ ਖੁੱਲ੍ਹਦਿਲੀ ਨਾਲ ਮਦਦ ਕਰਨ |