ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸਰਕਾਰ ਤੇ 'ਆਪ' ਦੇ ਕੁਝ ਆਗੂ- ਐਡਵੋਕੇਟ ਧਾਮੀ
ਅਜੀਤ ਡੈਸਕ
01-09-2025
ਸੁਲਤਾਨਪੁਰ ਲੋਧੀ (ਕਪੂਰਥਲਾ), 31 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਣ ਲਈ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਕੁੱਝ ਆਗੂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੀੜ੍ਹਤ ਲੋਕਾਂ ਲਈ ਰਾਹਤ ਸਮਗਰੀ ਦੀਆਂ ਗੱਡੀਆਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵਿੰਡ ਆਪਣੀ ਸਾਥੀਆਂ ਨਾਲ ਅਜਨਾਲਾ ਖੇਤਰ ਦੇ ਪਾਣੀ 'ਚ ਘਿਰੇ ਲੋਕਾਂ ਲਈ ਲੰਗਰ ਲੈ ਕੇ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਮਹਿਲਾ ਹਲਕਾ ਇੰਚਾਰਜ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਇਸ ਵਰਤਾਰੇ ਨੂੰ ਮੰਦਭਾਗਾ ਦੱਸਿਆ | ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਨੂੰ ਮੱਦੇਨਜ਼ਰ ਰੱਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਸਾਰੇ ਪੱਖਾਂ 'ਤੇ ਵਿਚਾਰ ਕਰਕੇ ਆਪਣੀ ਰਿਪੋਰਟ ਦੇਵੇਗੀ ਤੇ ਬਾਅਦ ਵਿਚ ਸ਼ੋ੍ਰਮਣੀ ਕਮੇਟੀ ਆਪਣੇ ਸੀਮਤ ਸਾਧਨਾਂ ਨਾਲ ਲੋੜ ਅਨੁਸਾਰ ਪੀੜਤਾਂ ਦੀ ਮਦਦ ਕਰੇਗੀ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਸ਼ੋ੍ਰਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਦੇਣਾ ਚਾਹੁੰਦੇ ਹਨ, ਜਿਸ ਲਈ ਇਕ ਖਾਤਾ ਨੰਬਰ ਜਾਰੀ ਕੀਤਾ ਗਿਆ ਹੈ, ਲੋਕ ਪੀੜਤਾਂ ਦੀ ਸਹਾਇਤਾ ਲਈ ਬਣਦਾ ਯੋਗਦਾਨ ਪਾ ਸਕਦੇ ਹਨ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਅੱਗੇ ਤੋਂ ਵੀ ਇਹ ਸੇਵਾਵਾਂ ਨਿਰੰਤਰ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ | ਬਾਅਦ 'ਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਪੀੜਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼ੋ੍ਰਮਣੀ ਕਮੇਟੀ ਪਿਛਲੇ ਕਈ ਦਿਨਾ ਤੋਂ ਪੀੜਤ ਲੋਕਾਂ ਦੀ ਮਦਦ ਲਈ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ ਤੇ ਹਲਾਤ ਠੀਕ ਹੋਣ ਤੱਕ ਰਾਹਤ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ | ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਪ੍ਰਧਾਨ ਨਾਲ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸ਼ੋ੍ਰਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ: ਬਲਦੇਵ ਸਿੰਘ ਕਲਿਆਣ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ (ਤਿੰਨੇ ਸ਼ੋ੍ਰਮਣੀ ਕਮੇਟੀ ਮੈਂਬਰ), ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ, ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਭਾਈ ਹਰਜਿੰਦਰ ਸਿੰਘ, ਵਧੀਕ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਚੈਂਚਲ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬੂਲੇ, ਸਵਰਣ ਸਿੰਘ ਚੱਕਾ ਤੋਂ ਇਲਾਵਾ ਹੋਰ ਆਗੂ ਵੀ ਉਨ੍ਹਾਂ ਦੇ ਨਾਲ ਸਨ |