ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਮੁਆਵਜ਼ੇ ਦੀ ਵੰਡ <br/>
ਅਜੀਤ ਡੈਸਕ
23-10-2025
• ਮੁਆਵਜ਼ੇ ਦੀ ਕੋਈ ਵਿਵਸਥਾ ਨਾ ਕੀਤੇ ਜਾਣ 'ਤੇ ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਕਿਸਾਨ ਨਿਰਾਸ਼ਾ ਦੇ ਆਲਮ ਵਿਚ
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਮੁਆਵਜ਼ੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ ਤੇ ਹੁਣ ਤੱਕ 600 ਦੇ ਕਰੀਬ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਗਪਗ 2 ਕਰੋੜ ਰੁਪਏ ਮੁਆਵਜ਼ੇ ਵਜੋਂ ਤਕਸੀਮ ਕੀਤੇ ਜਾ ਚੁੱਕੇ ਹਨ | ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪਿਛਲੇ ਦਿਨੀਂ 14.50 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਇਸ ਰਕਮ ਵਿਚੋਂ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਫਗਵਾੜਾ ਸਬ ਡਵੀਜ਼ਨਾਂ ਵਿਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਵੰਡਿਆ ਜਾ ਰਿਹਾ ਹੈ | ਇੱਥੇ ਵਰਨਣਯੋਗ ਹੈ ਕਿ ਸਰਕਾਰ ਵਲੋਂ 76 ਤੋਂ ਲੈ ਕੇ 100 ਪ੍ਰਤੀਸ਼ਤ ਫ਼ਸਲਾਂ ਦੇ ਖ਼ਰਾਬੇ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ, ਡਿੱਗੇ ਮਕਾਨ ਲਈ 1 ਲੱਖ 20 ਹਜ਼ਾਰ ਰੁਪਏ ਤੇ ਮਰ ਚੁੱਕੇ ਪਸ਼ੂਆਂ ਲਈ 37 ਹਜ਼ਾਰ ਰੁਪਏ ਦੀ ਰਕਮ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ | ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ੇ ਦੀ ਵੰਡ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਵਿਚ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਸਬੰਧੀ ਪ੍ਰਵਾਨਗੀ ਪੱਤਰ ਹੀ ਦਿੱਤੇ ਜਾ ਰਹੇ ਹਨ, ਜਦਕਿ ਮੁਆਵਜ਼ੇ ਦੀ ਬਣਦੀ ਰਕਮ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਪਹਿਲਾਂ ਹੀ ਪਾਈ ਜਾ ਰਹੀ ਹੈ | ਜਿੱਥੋਂ ਤੱਕ ਫ਼ਸਲਾਂ ਦੇ ਖ਼ਰਾਬੇ ਦਾ ਸਵਾਲ ਹੈ, ਇਸ ਲਈ 5 ਏਕੜ ਰਕਬੇ ਨੂੰ ਇਕ ਇਕਾਈ ਮੰਨਿਆ ਗਿਆ ਹੈ ਤੇ ਕਿਸੇ ਵੀ ਵਿਅਕਤੀ ਨੂੰ 5 ਏਕੜ ਤੋਂ ਵੱਧ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਨਹੀਂ ਮਿਲੇਗਾ | ਇਸੇ ਤਰ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਮਾਲਕੀ ਵਾਲੀਆਂ ਜ਼ਮੀਨਾਂ 'ਤੇ ਕਾਬਜ਼ ਮੰਡ ਖੇਤਰ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਫ਼ਸਲਾਂ ਦਾ ਮੁਆਵਜ਼ਾ ਮਿਲਣ ਦੇ ਕੋਈ ਆਸਾਰ ਨਹੀਂ, ਕਿਉਂਕਿ ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫ਼ਤਨ ਪ੍ਰਬੰਧ ਵਿਭਾਗ (ਡਿਜਾਸਟਰ ਮੈਨੇਜਮੈਂਟ-1 ਸ਼ਾਖਾ-1) ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਵਿਚ ਇਨ੍ਹਾਂ ਜ਼ਮੀਨਾਂ 'ਤੇ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਦੇਣ ਲਈ ਕੋਈ ਵੀ ਵਿਵਸਥਾ ਨਹੀਂ ਕੀਤੀ ਗਈ, ਜਿਸ ਕਾਰਨ ਇਨ੍ਹਾਂ ਜ਼ਮੀਨਾਂ 'ਤੇ ਕਾਬਜ਼ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਇਨ੍ਹਾਂ ਜ਼ਮੀਨਾਂ ਦੇ ਮਾਲਕ ਨਹੀਂ, ਪਰ ਇਨ੍ਹਾਂ ਖੇਤਾਂ ਵਿਚ ਪੈਦਾ ਹੋਈ ਫ਼ਸਲ ਨਾਲ ਹਰ ਸਾਲ ਕੇਂਦਰੀ ਅੰਨ ਭੰਡਾਰ ਵਿਚ ਹਿੱਸਾ ਪਾਉਂਦੇ ਹਨ, ਪਰ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਦੱਸਿਆ ਜਾਂਦਾ ਹੈ ਕਿ ਸਾਲ 2019 ਤੋਂ ਪਹਿਲਾਂ ਸਰਕਾਰਾਂ ਵਲੋਂ ਆਬਾਦਕਾਰਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਰਿਹਾ ਤੇ ਸਾਲ 2019 ਵਿਚ ਜ਼ਿਲ੍ਹੇ ਵਿਚ ਹੜ੍ਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਪ੍ਰਭਾਵਿਤ ਲੋਕਾਂ ਨੂੰ ਲਗਪਗ 35 ਕਰੋੜ ਰੁਪਏ ਜਾਰੀ ਕੀਤੇ ਗਏ ਸਨ | ਇਸ ਰਕਮ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਵਿਚ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜ਼ਮੀਨ 'ਤੇ ਕਾਬਜ ਲੋਕਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ ਇਸ ਵਾਰ ਹੜ੍ਹ ਦੇ ਭਿਆਨਕ ਮੰਜਰ ਵਿਚੋਂ ਗੁਜ਼ਰੇ ਮੰਡ ਖੇਤਰ ਦੇ ਕਿਸਾਨਾਂ ਨੂੰ ਆਸ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਉਨ੍ਹਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇਗੀ, ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਨੀਤੀਗਤ ਫ਼ੈਸਲਾ ਨਹੀਂ ਲਿਆ ਗਿਆ |