ਨਡਾਲਾ, 23 ਅਕਤੂਬਰ (ਰਘਬਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ 48 ਸਕੂਲਾਂ ਦੇ ਪ੍ਰਸ਼ਨੋਤਰੀ ਮੁਕਾਬਲੇ 'ਗਿਆਨੁ ਪਰਚੰਡੁ ਸੀਜ਼ਨ-3' ਦਾ ਆਯੋਜਨ ਕੀਤਾ ਗਿਆ ਹੈ | ਗਿਆਨੀ ਦਿੱਤ ਸਿੰਘ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਏ ਪ੍ਰਸ਼ਨੋਤਰੀ ਮੁਕਾਬਲੇ ਵਿਚ ਵਿਚ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ (ਕਪੂਰਥਲਾ )ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ 75 ਹਜ਼ਾਰ ਦੀ ਨਗਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ | ਇਸ ਦੌਰਾਨ ਸਕੂਲ ਵਿਖੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਕਤ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |