ਕਪੂਰਥਲਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਵਿਚ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗਈ 3 ਰੋਜ਼ਾ ਹੜਤਾਲ ਦੇ ਪਹਿਲੇ ਦਿਨ ਮੁਲਾਜ਼ਮਾਂ ਨੇ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਸਰਕਲ ਪ੍ਰਧਾਨ ਗੁਲਜਾਰ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਸ਼ਾਮਲ ਕਰਨ ਤੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ ਚਾਰ ਸਾਲ ਦੇ ਰਾਜ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਤਿਆਰ ਨਹੀਂ ਕੀਤੀ | ਜਿਸ ਕਾਰਨ ਮੁਲਾਜ਼ਮ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ ਸਰਕਾਰ ਦੀ ਤਰ੍ਹਾਂ ਆਊਟ ਸੋਰਸ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਨਾਂਅ 'ਤੇ ਵਿਭਾਗ ਵਿਚ ਪੱਕੀਆਂ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਅੱਜ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਆਪੋ ਆਪਣੇ ਵਿਭਾਗਾਂ ਦੇ ਦਫ਼ਤਰਾਂ ਮੂਹਰੇ ਰੋਸ ਵਿਖਾਵਾ ਕਰਨਗੇ | ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ, ਨਵੇਂ ਕਿਰਤ ਕਾਨੂੰਨ ਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸਿਜ਼ ਤੇ ਇਨਲੈਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਤੇ ਤਜਰਬੇ ਦੇ ਆਧਾਰ 'ਤੇ ਵੱਖ-ਵੱਖ ਵਿਭਾਗਾਂ ਵਿਚ ਪੱਕੇ ਕੀਤਾ ਜਾਵੇ ਤੇ ਉਨ੍ਹਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ 1948 ਮੁਤਾਬਿਕ ਗੁਜ਼ਾਰੇ ਜੋਗੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ | ਧਰਨੇ ਨੂੰ ਯੂਨੀਅਨ ਦੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ |