16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਿਹਤ ਵਿਭਾਗ ਦੇ ਹੈੱਡ ਕੁਆਰਟਰ ਮੂਹਰੇ ਰੋਸ ਵਿਖਾਵਾ ਕੀਤਾ ਜਾਵੇਗਾ-ਸੁਖਦੇਵ ਸਿੰਘ

ਅਜੀਤ ਡੈਸਕ 04-12-2025
ਕਪੂਰਥਲਾ, 3 ਦਸੰਬਰ (ਵਿ.ਪ੍ਰ.)-ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਪਿਛਲੇ 19 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ, ਸਿਹਤ ਮੰਤਰੀ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਨੂੰ ਸਿਵਲ ਸਰਜਨ ਕਪੂਰਥਲਾ ਰਾਹੀਂ ਇਕ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਫਾਰਮੇਸੀ ਅਫ਼ਸਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਜੂਨ 2021 ਵਿਚ 600 ਫਾਰਮੇਸੀ ਅਫ਼ਸਰਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸਿਹਤ ਵਿਭਾਗ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਸੀ, ਪ੍ਰੰਤੂ ਸਰਕਾਰ ਵਲੋਂ ਉਨ੍ਹਾਂ ਨੂੰ ਨਾ ਤਾਂ ਟੀ.ਏ. ਦਿੱਤਾ ਜਾ ਰਿਹਾ ਹੈ, ਉਲਟਾ ਉਨ੍ਹਾਂ ਨੂੰ 200 ਤੋਂ ਲੈ ਕੇ 250 ਕਿੱਲੋਮੀਟਰ ਤੱਕ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਨੰਦਪੁਰ ਸਾਹਿਬ ਵਿਚ ਹੋਏ ਸ਼ਹੀਦੀ ਸਮਾਗਮ ਦੌਰਾਨ ਡਿਊਟੀ 'ਤੇ ਤਾਇਨਾਤ ਇਕ ਫਾਰਮੇਸੀ ਅਫ਼ਸਰ ਦੀ ਰੀੜ੍ਹ ਦੀ ਹੱਡੀ 'ਤੇ ਗੰਭੀਰ ਚੋਟ ਲੱਗੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਢੁਕਵੇਂ ਇਲਾਜ ਲਈ ਕੋਈ ਪ੍ਰਬੰਧ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫਾਰਮੇਸੀ ਅਫ਼ਸਰਾਂ ਦੀਆਂ ਵੀ.ਆਈ.ਪੀ. ਦੇ ਨਾਲ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਫਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਮਜਬੂਰ ਹੋ ਕੇ ਸਿਹਤ ਵਿਭਾਗ ਦੇ ਹੈੱਡ ਕੁਆਰਟਰ ਮੂਹਰੇ ਰੋਸ ਵਿਖਾਵਾ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ | ਇਸ ਮੌਕੇ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਸ਼ਵਨੀ, ਲਲਿਤ ਚਾਵਲਾ, ਜਸਵੰਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਖੇਡ ਮੇਲਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਚੋਣਾਂ ਲਈ ਬੀ.ਡੀ.ਪੀ.ਓ ਦਫ਼ਤਰ ਢਿਲਵਾਂ ਤੋਂ 48 ਐਨ.ਓ.ਸੀ. ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।